ਲੈਂਡ ਪੂਲਿੰਗ ਖ਼ਿਲਾਫ਼ ਨਿੱਤਰੇ ਮੁੱਖ ਮੰਤਰੀ ਦੇ ਸਾਬਕਾ ਓਐੱਸਡੀ
ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਪ੍ਰੋ. ਉਂਕਾਰ ਸਿੰਘ ਸਿੱਧੂ ਨੇ ਤਕਰੀਬਨ ਗਿਆਰਾਂ ਮਹੀਨਿਆਂ ਦੀ ਚੁੱਪ ਮਗਰੋਂ ਆਮ ਆਦਮੀ ਪਾਰਟੀ ਦੇ ਦਿੱਲੀ ਨਾਲ ਸਬੰਧਿਤ ਆਗੂਆਂ ਦੀ ਪੰਜਾਬ ਅੰਦਰ ਦਖਲਅੰਦਾਜ਼ੀ ਵਿਰੁੱਧ ਮੋਰਚਾ ਖੋਲ੍ਹਦਿਆਂ ਭੜਾਸ ਕੱਢੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਟਵੀਟ ਕਰਕੇ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦਾ ਵਿਰੋਧ ਕੀਤਾ ਹੈ। ਵਰਨਣਯੋਗ ਹੈ ਕਿ ਸ੍ਰੀ ਸਿੱਧੂ ਬਤੌਰ ਓਐੱਸਡੀ ਹਲਕਾ ਧੂਰੀ ਵਿੱਚ ਕੰਮਕਾਰ ਵੇਖਦੇ ਰਹੇ ਸਨ ਜਿਨ੍ਹਾਂ ਨੂੰ ਸਤੰਬਰ 2024 ਵਿੱਚ ਬਿਨਾਂ ਕੋਈ ਕਾਰਨ ਦੱਸੇ ਅਚਨਚੇਤ ਹੀ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਸੀ। ਪ੍ਰੋਫੈਸਰ ਸਿੱਧੂ ਨੇ ਕਿਹਾ ਕਿ ਦਿੱਲੀ ਵਾਲਿਆਂ ਨੇ ਹੀ ਉਸ ਨੂੰ ਕਥਿਤ ਸਾਜ਼ਿਸ਼ ਦਾ ਸ਼ਿਕਾਰ ਬਣਾ ਕੇ ਬਿਨਾਂ ਕਿਸੇ ਗਲਤੀ ਦੇ ਅਹੁਦੇ ਤੋਂ ਹਟਾਇਆ ਜਦਕਿ ਉਨ੍ਹਾਂ ਹਮੇਸ਼ਾ ਮੁੱਖ ਮੰਤਰੀ ਨਾਲ ਵਫ਼ਾਦਾਰੀ ਨਿਭਾਈ ਸੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਇੱਕ ਵੀ ਮੰਤਰੀ ਜਾਂ ਵਿਧਾਇਕ ਮਰਜ਼ੀ ਨਾਲ ਕੋਈ ਕੰਮ ਨਹੀਂ ਕਰ ਸਕਦਾ।
‘ਆਪ’ ਦੇ ਬਲਾਕ ਪ੍ਰਧਾਨ ਵੱਲੋਂ ਅਸਤੀਫ਼ਾ
ਜ਼ੀਰਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਮਨਦੀਪ ਸਿੰਘ ਖਹਿਰਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਗੁਰਮਨਦੀਪ ਸਿੰਘ ਨੇ ਕਿਹਾ ਕਿ ਕਿਸਾਨੀ ਪੰਜਾਬ ਦਾ ਮੁੱਖ ਕਿੱਤਾ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੈਂਡ ਪੂਲਿੰਗ ਪਾਲਿਸੀ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਹਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਲੈਂਡ ਪੂਲਿੰਗ ਨੀਤੀ ’ਤੇ ਮੁੜ ਵਿਚਾਰ ਕਰਕੇ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ।