ਝੂਠੇ ਮੁਕਾਬਲੇ ’ਚ ਸਜ਼ਾਯਾਫ਼ਤਾ ਸਾਬਕਾ ਪੁਲੀਸ ਅਧਿਕਾਰੀਆਂ ’ਤੇ ਪਟਿਆਲਾ ਜੇਲ੍ਹ ’ਚ ਹਮਲਾ
ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਤਿੰਨ ਸੇਵਾਮੁਕਤ ਪੁਲੀਸ ਅਧਿਕਾਰੀਆਂ ਅਤੇ ਇਕ ਹੋਰ ਵਿਅਕਤੀ ’ਤੇ ਹਮਲਾ ਕਰਨ ਵਾਲੇ ਸੰਦੀਪ ਸਿੰਘ ਉਰਫ਼ ਸੰਨ੍ਹੀ ’ਤੇ ਤ੍ਰਿਪੜੀ ਥਾਣੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਸੰਦੀਪ ਸਿੰਘ ਸੰਨ੍ਹੀ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਮਾਮਲੇ ’ਚ ਪਟਿਆਲਾ ਜੇਲ੍ਹ ’ਚ ਬੰਦ ਹੈ, ਉਸ ਦਾ ਸੇਵਾਮੁਕਤ ਪੁਲੀਸ ਅਧਿਕਾਰੀਆਂ ਨਾਲ ਝਗੜਾ ਹੋ ਗਿਆ, ਜਿਸ ਦੌਰਾਨ ਪੁਲੀਸ ਦੇ ਇਹ ਅਧਿਕਾਰੀ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਸੰਨ੍ਹੀ ਵੱਲੋਂ ਸੇਵਾਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਹਮਲਾ ਕੀਤਾ ਗਿਆ ਹੈ। ਸੇਵਾ ਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਨੂੰ ਸੀ.ਬੀ.ਆਈ. ਅਦਾਲਤਾਂ ਵੱਲੋਂ ਝੂਠੇ ਪੁਲੀਸ ਮੁਕਾਬਲੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਸੰਦੀਪ ਸਿੰਘ ਸੰਨ੍ਹੀ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਪਟਿਆਲਾ ਜੇਲ੍ਹ ਵਿੱਚ ਪੁੱਜੇ, ਜਿਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।