ਬਨੂੜ (ਕਰਮਜੀਤ ਸਿੰਘ ਚਿੱਲਾ): ਬਜ਼ੁਰਗ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ (84) ਦਾ ਅੱਜ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉੱਤੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਬਾਅਦ ਦੁਪਹਿਰ ਚੰਡੀਗੜ੍ਹ ਵਿੱਚ ਹੀ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮੌਤ ਉੱਤੇ ਸੋਗ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਵੀ ਕੀਤੀ ਗਈ। ਸਸਕਾਰ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ, ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸੰਧੂ ਆਦਿ ਹਾਜ਼ਰ ਸਨ। ਸ੍ਰੀ ਗਿੱਲ ਦਾ ਜਨਮ 20 ਸਤੰਬਰ 1936 ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਫ਼ਿਰੋਜ਼ਸ਼ਾਹ ਵਿੱਚ ਹੋਇਆ ਸੀ। ਮੁੱਢਲੇ ਦੌਰ ਵਿੱਚ ਉਨ੍ਹਾਂ ਨੈਸ਼ਨਲ ਸਟੂਡੈਂਟ ਯੂਨੀਅਨ ਵਿੱਚ ਕੰਮ ਕੀਤਾ। ਪਿੰਡ ਦੀ ਸਰਪੰਚੀ, ਜ਼ਿਲ੍ਹਾ ਪਰਿਸ਼ਦ ਮੈਂਬਰੀ ਤੋਂ ਆਪਣੀ ਸਿਆਸਤ ਆਰੰਭ ਕਰਕੇ ਉਹ 1956-58 ਵਿੱਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਹੇ। ਉਹ 1967 ਵਿੱਚ ਫ਼ਿਰੋਜ਼ਪੁਰ ਛਾਉਣੀ ਤੋਂ ਕਾਂਗਰਸ ਦੀ ਟਿਕਟ ’ਤੇ ਪਹਿਲੀ ਵਾਰ ਵਿਧਾਇਕ ਬਣੇ। 1971 ਤੋਂ 77 ਤੱਕ ਉਹ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣੇ। ਉਨ੍ਹਾਂ ਨੇ 1976 ਤੋਂ 79 ਤੱਕ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵੀ ਕੀਤੀ। ਸ੍ਰੀ ਗਿੱਲ ਨੇ 1992 ਵਿੱਚ ਬਨੂੜ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਅਤੇ ਕੈਪਟਨ ਕੰਵਲਜੀਤ ਸਿੰਘ ਨੂੰ ਹਰਾ ਕੇ ਵਿਧਾਇਕ ਚੁਣੇ ਗਏ। ਸ੍ਰੀ ਗਿੱਲ 1996 ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਬਣੇ। ਉਹ ਸਵਰਗੀ ਗਿਆਨੀ ਜ਼ੈਲ ਸਿੰਘ ਅਤੇ ਸੰਜੇ ਗਾਂਧੀ ਦੇ ਨੇੜਲਿਆਂ ਵਿੱਚ ਸ਼ੁਮਾਰ ਸਨ। 1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਪਾਰਟੀ ਟਿਕਟ ਨਾ ਮਿਲੀ ਅਤੇ ਇਸ ਮਗਰੋਂ ਉਨ੍ਹਾਂ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਲਿਆ। ਉਹ ਪਿਛਲੇ ਲੰਮੇ ਸਮੇਂ ਤੋਂ ਨਾਸਾਜ਼ ਸਿਹਤ ਕਰਕੇ ਘਰ ਵਿੱਚ ਹੀ ਰਹਿ ਰਹੇ ਸਨ। ਉਨ੍ਹਾਂ ਦੇ ਜਵਾਈ ਸਾਹਿਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਦਿਲ ਦਾ ਦੌਰਾ ਪਿਆ, ਜੋ ਘਾਤਕ ਸਾਬਕ ਹੋਇਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਤੇ ਦੋ ਧੀਆਂ ਹਨ।
ਚੰਡੀਗੜ੍ਹ (ਟਨਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਖੇਤੀ ਮੰਤਰੀ ਮਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਮਹਿੰਦਰ ਸਿੰਘ ਗਿੱਲ ਨੂੰ ਬਹੁਪੱਖੀ ਸ਼ਖ਼ਸੀਅਤ, ਭੱਦਰਪੁਰਸ਼ ਸਿਆਸਤਦਾਨ ਅਤੇ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਦੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਗਿੱਲ ਦੇ ਤੁਰ ਜਾਣ ਨਾਲ ਸਿਆਸੀ ਖੇਤਰ ਵਿੱਚ ਅਜਿਹਾ ਖਲਾਅ ਪੈਦਾ ਹੋਇਆ ਹੈ ਜਿਸ ਨੂੰ ਪੂਰਨਾ ਬਹੁਤ ਮੁਸ਼ਕਲ ਹੈ।