ਚੰਡੀਗੜ੍ਹ, 12 ਮਈ
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਬੁੱਧਵਾਰ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਕੈਂਸਰ ਨਾਲ ਮੌਤ ਹੋ ਗਈ। ਉਹ 63 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੇਟੇ ਹਨ। ਉਨ੍ਹਾਂ ਦਾ ਵੱਡਾ ਬੇਟਾ ਕੁਲਬੀਰ ਸਿੰਘ ਜ਼ੀਰਾ ਰਾਜ ਦੇ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ।
ਪਟਿਆਲਾ ਤੋਂ ਸਰਬਜੀਤ ਸਿੰਘ ਭੰਗੂ ਦੀ ਰਿਪੋਰਟ ਮੁਤਾਬਕ ਸ੍ਰੀ ਇੰਦਰਜੀਤ ਸਿੰਘ ਜ਼ੀਰਾ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਨੇ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਸਮੂਹ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਅਦਾਰਿਆਂ ਵਿੱਚ ਪੰਜਾਬ ਸਰਕਾਰ ਦੇ ਸਮੂਹ ਦਫਤਰ ਕਾਰਪੋਰੇਸ਼ਨਾਂ, ਬੋਰਡ ਅਤੇ ਵਿੱਦਿਅਕ ਸੰਸਥਾਵਾਂ ਨਾਲ ਸਬੰਧਤ ਦਫ਼ਤਰ ਸ਼ਾਮਲ ਹਨ। ਇਸ ਸੰਬੰਧੀ ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਜਾਰੀ ਕੀਤਾ ਹੈ। ਸਨੌਰ ਦੇ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਅਗਜੈਕਟਿਵ ਮੈਂਬਰ ਸਤਵਿੰਦਰ ਸਿੰਘ ਟੌਹੜਾ, ਜਸਮੇਰ ਸਿੰਘ ਲਾਛੜੂ’ ਜਗਜੀਤ ਸਿੰਘ ਕੋਹਲੀ, ਬਹਾਦਰਗੜ੍ਹ ਸਰਕਲ ਦੇ ਪ੍ਰਧਾਨ ਕੁਲਦੀਪ ਹਰਪਾਲਪੁਰ, ਗੁਰਜੰਟ ਨੂਰਖੇੜੀਆਂ, ਬਲਵਿੰਦਰ ਸਿੰਘ ਦੌਣਕਲਾਂ ਨੇ ਸ੍ਰੀ ਜ਼ੀਰਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਹੈ।