ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੁੱਤਰ ਸੁਖਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਲੋਕਾਂ ਨੇ ਸੜਕ ਜਾਮ ਕਰ ਕੀਤਾ ਧਰਨਾ ਪ੍ਰਦਰਸ਼ਨ; ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੀ ਕੀਤੀ ਮੰਗ
ਅੱਜ ਸ਼ਾਮ ਕਰੀਬ 4 ਵਜੇ ਦੇ ਕਰੀਬ ਬੱਸ ਸਟੈਂਡ ਸ਼ਹਿਣਾ ’ਤੇ ਭਾਈ ਮੂਲ ਚੰਦ ਪ੍ਰੋਪਰਟੀ ਡੀਲਰ ਦੀ ਦੁਕਾਨ ਤੇ ਬੈਠੇ ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਇਹ ਘਟਨਾ ਦੀ ਖ਼ਬਰ ਸਾਰੇ ਇਲਾਕੇ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ। ਲੋਕਾਂ ਦਾ ਬੱਸ ਸਟੈਂਡ ’ਤੇ ਇਕੱਠ ਹੋ ਗਿਆ। ਇਕੱਠੇ ਹੋਏ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਐਸ.ਪੀ.ਡੀ. ਅਸ਼ੋਕ ਸ਼ਰਮਾ ਅਤੇ ਡੀਐਸਪੀ ਗੁਰਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਪ੍ਰਸ਼ਾਸਨ ਪੁੱਜ ਚੁੱਕਾ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਦੀਆਂ ਟੀਮਾਂ ਦੋਸ਼ੀਆਂ ਨੂੰ ਫੜਨ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਕਲਕੱਤਾ ਇੱਕ ਬੇਧੜਕ ਆਗੂ ਸੀ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਰ ਸਮੇਂ ਖੜਦਾ ਸੀ। ਇਸ ਮੌਕੇ ਲਗਭਗ ਸਾਰੀਆਂ ਪਾਰਟੀਆਂ ਦੇ ਆਗੂ, ਪੰਚ ਸਰਪੰਚ ਅਤੇ ਪਤਵੰਤੇ ਪੁੱਜੇ ਹੋਏ ਸਨ। ਇਲਾਕੇ ਵਿੱਚ ਖਿਚਾਅ ਦਾ ਮਾਹੌਲ ਬਣਿਆ ਰਿਹਾ। ਚੱਕਾ ਜਾਮ ਕੀਤੇ ਜਾਣ ਕਾਰਨ ਦੂਰ ਦੂਰ ਤੱਕ ਵਾਹਨਾਂ ਦਾ ਜਾਮ ਲੱਗ ਗਿਆ। ਹਮਲਾਵਰਾਂ ਨੇ ਨੇੜੇ ਤੋਂ ਸੁਖਵਿੰਦਰ ਸਿੰਘ ਕਲਕੱਤਾ ਦੀ ਗਰਦਨ ਵਿੱਚ ਗੋਲੀਆਂ ਮਾਰੀਆਂ।
ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਸਾਬਕਾ ਸਰਪੰਚ ਅੰਮ੍ਰਿਤਪਾਲ ਸਿੰਘ, ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਨੇ ਇਸ ਕ਼ਤਲ ਕਾਂਢ ਲਈ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।