ਸਾਬਕਾ ਸਰਪੰਚਾਂ ਨੂੰ ਦਹਾਕੇ ਮਗਰੋਂ ਮਿਲੇਗਾ ਮਾਣ-ਭੱਤਾ
ਪੰਚਾਇਤ ਵਿਭਾਗ ਦੇ ਡਾਇਰੈਕਟਰ ਨੇ ਜ਼ਿਲ੍ਹਾ ਤੇ ਬਲਾਕ ਪੱਧਰੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਪੰਜਾਬ ਵਿੱਚ 2013 ਤੋਂ 2023 ਵਿਚਾਲੇ ਸੇਵਾ ਨਿਭਾਅ ਚੁੱਕੇ ਸਾਬਕਾ ਸਰਪੰਚਾਂ ਦੀ ਉਡੀਕ ਹੁਣ ਖ਼ਤਮ ਹੋ ਜਾਵੇਗੀ। ਪੰਚਾਇਤ ਵਿਭਾਗ ਨੇ ਇਨ੍ਹਾਂ ਸਾਬਕਾ ਸਰਪੰਚਾਂ ਦਾ ਬਕਾਇਆ ਪਿਆ ਮਾਣ-ਭੱਤਾ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਪੰਚਾਇਤ ਵਿਭਾਗ ਦੇ ਡਾਇਰੈਕਟਰ-ਕਮ-ਵਿਸ਼ੇਸ਼ ਸਕੱਤਰ ਉਮਾ ਸ਼ੰਕਰ ਗੁਪਤਾ ਨੇ ਅੱਜ ਸੂਬੇ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਲਿਖ ਕੇ ਇਸ ਬਕਾਏ ਦੀ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਕਿਹਾ ਹੈ। ਡਾਇਰੈਕਟਰ ਨੇ ਸਾਰੇ ਅਧਿਕਾਰੀਆਂ ਨੂੰ ਨਿੱਜੀ ਦਿਲਚਸਪੀ ਲੈ ਕੇ ਇਹ ਅਦਾਇਗੀ ਕਰਨ ਅਤੇ 12 ਨਵੰਬਰ ਤੱਕ ਇਸ ਦੀ ਰਿਪੋਰਟ ਮੁੱਖ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਦਰਅਸਲ ਪੰਚਾਇਤ ਯੂਨੀਅਨ ਨੇ ਇਸ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਦੀ ਸੁਣਵਾਈ 13 ਨਵੰਬਰ ਨੂੰ ਹੋਣੀ ਹੈ। ਉਨ੍ਹਾਂ ਲਿਖਿਆ ਕਿ ਅਦਾਲਤ ਨੇ ਤੈਅ ਮਿਤੀ ਤੋਂ ਪਹਿਲਾਂ ਮਾਣਭੱਤੇ ਦੀ ਅਦਾਇਗੀ ਲਈ ਕਿਹਾ ਹੈ। ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਪੰਚਾਇਤਾਂ ਕੋਲ ਆਪਣੇ ਸਰੋਤਾਂ ਤੋਂ ਆਮਦਨ ਹੈ, ਉਹ ਉਸ ’ਚੋਂ ਅਦਾਇਗੀ ਕਰਨ। ਜਿਨ੍ਹਾਂ ਪੰਚਾਇਤਾਂ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ, ਉਨ੍ਹਾਂ ਦੇ ਸਰਪੰਚਾਂ ਨੂੰ ਮਾਣ-ਭੱਤੇ ਦੀ ਅਦਾਇਗੀ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਫੰਡਾਂ ’ਚੋਂ ਕੀਤੀ ਜਾਵੇ। ਮਾਮਲੇ ਸਬੰਧੀ ਹਾਈ ਕੋਰਟ ਵਿੱਚ ਰਿਟ ਦਾਇਰ ਕਰਨ ਵਾਲੇ ਪੰਚਾਇਤ ਯੂਨੀਅਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਰਿੰਕੂ ਗੁਰਨੇ ਨੇ ਵਿਭਾਗ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

