ਸਾਬਕਾ ਸਰਪੰਚ ਦੇ ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ
ਇੱਥੇ ਅੱਜ ਸਾਬਕਾ ਸਰਪੰਚ ਦੇ ਪੁੱਤਰ ਦੀ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ’ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਅੱਜ ਸ਼ਾਮ ਇੱਥੇ ਬੱਸ ਅੱਡੇ ’ਤੇ ਭਾਈ ਮੂਲ ਚੰਦ ਪ੍ਰਾਪਰਟੀ ਡੀਲਰ ਦੀ ਦੁਕਾਨ ’ਤੇ ਬੈਠੇ ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਦਾ ਪਤਾ ਲੱਗਦੇ ਸਾਰ ਵੱਡੀ ਗਿਣਤੀ ਵਿੱਚ ਲੋਕ ਬੱਸ ਅੱਡੇ ’ਤੇ ਇਕੱਠੇ ਹੋ ਗਏ। ਇਸ ਦੌਰਾਨ ਲੋਕਾਂ ਨੇ ਸੜਕ ਜਾਮ ਕਰ ਦਿੱਤੀ। ਇਸ ਮੌਕੇ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਐੱਸ.ਪੀ.ਡੀ. ਅਸ਼ੋਕ ਸ਼ਰਮਾ ਅਤੇ ਡੀ ਐੱਸ ਪੀ ਗੁਰਵਿੰਦਰ ਸਿੰਘ ਪੁਲੀਸ ਟੀਮ ਨਾਲ ਘਟਨਾ ਸਥਾਨ ’ਤੇ ਪਹੁੰਚੇ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਦੀਆਂ ਟੀਮਾਂ ਮੁਲਜ਼ਮਾਂ ਨੂੰ ਫੜਨ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਤਣਾਅ ਦਾ ਮਾਹੌਲ ਬਣਿਆ ਹੋਇਆ ਸੀ। ਚੱਕਾ ਜਾਮ ਕੀਤੇ ਜਾਣ ਕਾਰਨ ਦੂਰ ਦੂਰ ਤੱਕ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ।
ਇਸ ਮੌਕੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਸਾਬਕਾ ਸਰਪੰਚ ਅੰਮ੍ਰਿਤਪਾਲ ਸਿੰਘ, ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕੀਤਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।