ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝੂਠੇ ਮੁਕਾਬਲੇ ਦੇ ਮਾਮਲੇ ਵਿੱਚ ਸਾਬਕਾ ਐੱਸਐੱਚਓ ਅਤੇ ਥਾਣੇਦਾਰ ਦੋਸ਼ੀ ਕਰਾਰ

ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 31 ਜਨਵਰੀ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ...
ਸੀਬੀਆਈ ਅਦਾਲਤ ਦੇ ਬਾਹਰ ਚਾਹ ਪੀਂਦੇ ਹੋਏ ਦੋਸ਼ੀ।
Advertisement

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 31 ਜਨਵਰੀ

Advertisement

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਗਰੋਂ ਦੋਸ਼ੀ ਥਾਣੇਦਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਦੋਸ਼ੀਆਂ ਨੂੰ ਚਾਰ ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਸਾਬਕਾ ਐੱਸਐੱਚਓ ਅਤੇ ਥਾਣੇਦਾਰ ’ਤੇ ਸਾਲ 1992 ਵਿੱਚ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਬਲਦੇਵ ਸਿੰਘ ਦੇਬਾ ਵਾਸੀ ਬਾਸਰਕੇ ਭੈਣੀ ਅਤੇ ਲਖਵਿੰਦਰ ਸਿੰਘ ਸੁਲਤਾਨਵਿੰਡ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਣ ਅਤੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦਾ ਦੋਸ਼ ਹੈ। ਮੁਲਜ਼ਮਾਂ ਹਰਭਜਨ ਸਿੰਘ, ਮਹਿੰਦਰ ਸਿੰਘ, ਪ੍ਰਸ਼ੋਤਮ ਲਾਲ, ਮੋਹਨ ਸਿੰਘ ਅਤੇ ਜੱਸਾ ਸਿੰਘ ਦੀ ਮੌਤ ਹੋ ਗਈ ਸੀ। ਪੀੜਤ ਪਰਿਵਾਰਾਂ ਵੱਲੋਂ ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਸਰਬਜੀਤ ਸਿੰਘ ਵੇਰਕਾ, ਪੁਸ਼ਪਿੰਦਰ ਸਿੰਘ ਨੱਤ ਅਤੇ ਜਗਜੀਤ ਸਿੰਘ ਬਾਜਵਾ ਨੇ ਦੱਸਿਆ ਕਿ 1992 ਵਿੱਚ ਮਜੀਠਾ ਪੁਲੀਸ ਵੱਲੋਂ ਬਲਦੇਵ ਸਿੰਘ ਦੇਬਾ ਵਾਸੀ ਬਾਸਰਕੇ ਅਤੇ ਲਖਵਿੰਦਰ ਸਿੰਘ ਸੁਲਤਾਨਵਿੰਡ ਨੂੰ ਜਬਰੀ ਚੁੱਕ ਕੇ ਬਾਅਦ ਵਿੱਚ ਮੁਕਾਬਲੇ ਵਿੱਚ ਮਾਰੇ ਗਏ ਦਿਖਾਇਆ ਗਿਆ ਸੀ। ਉਸ ਸਮੇਂ ਪੁਲੀਸ ਅਧਿਕਾਰੀਆਂ ਨੇ ਇਹ ਦਾਅਵਾ ਕੀਤਾ ਸੀ ਕਿ ਦੋਵੇਂ ਨੌਜਵਾਨ ਕੱਟੜ ਅਤਿਵਾਦੀ ਸਨ, ਜਿਨ੍ਹਾਂ ਦੇ ਸਿਰ ’ਤੇ ਇਨਾਮ ਰੱਖਿਆ ਹੋਇਆ ਸੀ ਅਤੇ ਉਹ ਕਤਲ ਅਤੇ ਜਬਰੀ ਵਸੂਲੀ ਆਦਿ ਦੇ ਸੈਂਕੜੇ ਮਾਮਲਿਆਂ ਵਿੱਚ ਸ਼ਾਮਲ ਸਨ। ਇਨ੍ਹਾਂ ਵਿੱਚ ਇੱਕ ਕੇਸ ਬੇਅੰਤ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਗੁਰਮੇਜ ਸਿੰਘ ਦੇ ਪੁੱਤਰ ਦਾ ਕਤਲ ਵੀ ਸ਼ਾਮਲ ਸੀ। ਇਸ ਸਬੰਧੀ ਪੀੜਤ ਪਰਿਵਾਰ ਉਸ ਸਮੇਂ ਦੀ ਸਰਕਾਰ ਅਤੇ ਉੱਚ ਅਫ਼ਸਰਾਂ ਦੇ ਤਰਲੇ ਕੱਢਦੇ ਰਹੇ ਪਰ ਕਿਸੇ ਨੇ ਬਾਂਹ ਨਹੀਂ ਫੜੀ।

ਝੂਠੇ ਮੁਕਾਬਲੇ ਵਿੱਚ ਮਾਰੇ ਗਏ ਬਲਦੇਵ ਸਿੰਘ ਦੇਬਾ ਅਤੇ ਲਖਵਿੰਦਰ ਸਿੰਘ ਲੱਖਾ।

ਇਸ ਮਗਰੋਂ ਪੀੜਤ ਪਰਿਵਾਰ ਵੱਲੋਂ ਇਨਸਾਫ਼ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਗਿਆ। ਸਿਖਰਲੀ ਅਦਾਲਤ ਨੇ 15 ਨਵੰਬਰ 1995 ਨੂੰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ। ਇਸ ਕੇਸ ਨੂੰ ਪੰਜਾਬ ਪੁਲੀਸ ਵੱਲੋਂ ਵੱਡੇ ਪੱਧਰ ’ਤੇ ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਮਾਮਲੇ ਨਾਲ ਜੋੜਿਆ ਗਿਆ। ਸੀਬੀਆਈ ਦੀ ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਬਲਦੇਵ ਸਿੰਘ ਉਰਫ਼ ਦੇਬਾ ਨੂੰ 6 ਸਤੰਬਰ 1992 ਨੂੰ ਪਿੰਡ ਬਾਸਰਕੇ ਭੈਣੀ ਵਿੱਚ ਘਰ ਤੋਂ ਐਸਆਈ ਮਹਿੰਦਰ ਸਿੰਘ ਅਤੇ ਹਰਭਜਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਚੁੱਕਿਆ ਸੀ। ਇੰਜ ਹੀ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਪਿੰਡ ਸੁਲਤਾਨਵਿੰਡ ਨੂੰ 12 ਸਤੰਬਰ 1992 ਨੂੰ ਪ੍ਰੀਤਨਗਰ ਅੰਮ੍ਰਿਤਸਰ ਸਥਿਤ ਉਸਦੇ ਕਿਰਾਏ ਦੇ ਮਕਾਨ ’ਚੋਂ ਕੁਲਵੰਤ ਸਿੰਘ ਨਾਲ ਐੱਸਆਈ ਗੁਰਭਿੰਦਰ ਸਿੰਘ ਥਾਣਾ ਮਜੀਠਾ ਦੀ ਅਗਵਾਈ ਵਾਲੀ ਟੀਮ ਗ੍ਰਿਫ਼ਤਾਰ ਕੀਤਾ ਸੀ ਪਰ ਬਾਅਦ ਵਿੱਚ ਪੁਲੀਸ ਨੇ ਕੁਲਵੰਤ ਸਿੰਘ ਨੂੰ ਛੱਡ ਦਿੱਤਾ ਸੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਥਾਣਾ ਛੇਹਰਟਾ ਦੀ ਪੁਲੀਸ ਨੇ ਦੇਬਾ ਅਤੇ ਲੱਖਾ ਨੂੰ ਕਾਂਗਰਸੀ ਮੰਤਰੀ ਦੇ ਪੁੱਤਰ ਦੇ ਕਤਲ ਕੇਸ ਵਿੱਚ ਝੂਠਾ ਫਸਾਇਆ ਸੀ, ਜਿਸ ਦੀ 23 ਜੁਲਾਈ 1992 ਨੂੰ ਹੱਤਿਆ ਕਰ ਦਿੱਤੀ ਗਈ ਸੀ ਅਤੇ 12 ਸਤੰਬਰ ਨੂੰ ਛੇਹਰਟਾ ਪੁਲੀਸ ਨੇ ਉਸ ਕਤਲ ਕੇਸ ਵਿੱਚ ਬਲਦੇਵ ਸਿੰਘ ਦੇਬਾ ਦੀ ਗ੍ਰਿਫ਼ਤਾਰੀ ਪਾਈ ਸੀ। 13 ਸਤੰਬਰ 1992 ਨੂੰ ਦੋਵੇਂ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਸੀ।

ਸਾਬਕਾ ਡੀਐੱਸਪੀ ਐੱਸਐੱਸ ਸਿੱਧੂ ਤੇ ਸਾਬਕਾ ਇੰਸਪੈਕਟਰ ਚਮਨ ਲਾਲ ਦੋਸ਼ ਮੁਕਤ ਕਰਾਰ

ਸੀਬੀਆਈ ਅਦਾਲਤ ਨੇ ਮੁਲਜ਼ਮ ਸਾਬਕਾ ਡੀਐੱਸਪੀ ਐੱਸਐੱਸ ਸਿੱਧੂ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਸਾਬਕਾ ਇੰਸਪੈਕਟਰ ਚਮਨ ਲਾਲ ਨੂੰ ਦੋਸ਼ ਮੁਕਤ ਕਰਾਰ ਦਿੱਤਾ ਹੈ। ਸੀਬੀਆਈ ਨੇ 30 ਅਗਸਤ 1999 ਨੂੰ ਸਾਬਕਾ ਡੀਐੱਸਪੀ ਐੱਸਐੱਸ ਸਿੱਧੂ, ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ, ਹਰਭਜਨ ਸਿੰਘ, ਮਹਿੰਦਰ ਸਿੰਘ, ਪ੍ਰਸ਼ੋਤਮ ਲਾਲ, ਚਮਨ ਲਾਲ, ਮੋਹਨ ਸਿੰਘ, ਪ੍ਰਸ਼ੋਤਮ ਸਿੰਘ ਅਤੇ ਜੱਸਾ ਸਿੰਘ ਵਿਰੁੱਧ ਅਗਵਾ, ਅਪਰਾਧਿਕ ਸਾਜ਼ਿਸ਼, ਕਤਲ, ਝੂਠਾ ਰਿਕਾਰਡ ਤਿਆਰ ਕਰਨ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ ਪਰ 2022 ਤੋਂ ਬਾਅਦ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਕਿਉਂਕਿ ਇਸ ਤੋਂ ਪਹਿਲਾਂ ਉੱਚ ਅਦਾਲਤਾਂ ਦੇ ਹੁਕਮਾਂ ’ਤੇ ਕੇਸ ਦੀ ਸੁਣਵਾਈ ਰੋਕ ਲੱਗੀ ਰਹੀ ਸੀ। ਵਕੀਲਾਂ ਨੇ ਕਿਹਾ ਕਿ ਭਾਵੇਂ ਸੀਬੀਆਈ ਨੇ ਇਸ ਮਾਮਲੇ ਵਿੱਚ 37 ਗਵਾਹਾਂ ਦਾ ਹਵਾਲਾ ਦਿੱਤਾ ਸੀ ਪਰ ਸੁਣਵਾਈ ਦੌਰਾਨ ਸਿਰਫ਼ 19 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਕਿਉਂਕਿ ਜ਼ਿਆਦਾਤਰ ਗਵਾਹਾਂ ਦੀ ਮੌਤ ਹੋ ਗਈ ਸੀ।

Advertisement
Show comments