ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ

ਸਿੱਖ ਸੰਸਥਾ ਨੇ ਸਦੀ ਦੇ ਸਫ਼ਰ ਦੌਰਾਨ ਗੁਰਦੁਆਰਿਆਂ ਦੇ ਬਿਹਤਰ ਪ੍ਰਬੰਧ ਕੀਤੇ: ਧਾਮੀ; ਸਮੂਹ ਪੰਥ ਨੂੰ ਇਕਜੁੱਟ ਹੋਣ ਲੲੀ ਪ੍ਰੇਰਿਆ
ਗੁਰਦੁਆਰਾ ਮੰਜੀ ਸਾਹਿਬ ਹਾਲ ’ਚ ਸਮਾਗਮ ਦੌਰਾਨ ਅਰਦਾਸ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਅਤੇ ਸੰਗਤ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਮੇਟੀ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਲਈ ਸਿੱਖਾਂ ਨੇ ਲੰਬਾ ਸੰਘਰਸ਼ ਲੜਿਆ। ਅਨੇਕਾਂ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਇਸ ਸੰਸਥਾ ਦਾ ਇਤਿਹਾਸ ਸ਼ਾਨਾਮੱਤਾ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਸਦੀ ਦੇ ਸਫ਼ਰ ਦੌਰਾਨ ਜਿੱਥੇ ਗੁਰਦੁਆਰਿਆਂ ਦੇ ਬਿਹਤਰ ਪ੍ਰਬੰਧਾਂ ਲਈ ਜ਼ਿੰਮੇਵਾਰੀ ਨਿਭਾਈ, ਉੱਥੇ ਧਰਮ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਸਿੱਖਿਆ ਅਤੇ ਮੈਡੀਕਲ ਸੇਵਾਵਾਂ ’ਚ ਵੀ ਜ਼ਿਕਰਯੋਗ ਕਾਰਜ ਕੀਤੇ। ਕੁਦਰਤੀ ਆਫ਼ਤਾਂ ਸਮੇਂ ਵੀ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਅਨੁਸਾਰ ਹਮੇਸ਼ਾ ਮੋਹਰੀ ਹੋ ਕੇ ਕਾਰਜ ਕਰਦੀ ਰਹੀ ਹੈ। ਉਨ੍ਹਾਂ ਸਮੂਹ ਸਿੱਖ ਪੰਥ ਨੂੰ ਆਪਣੀ ਇਸ ਮਹਾਨ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਪੁਰਖਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਮੇਸ਼ਾਂ ਹੀ ਸਮਾਜਿਕ ਕਾਰਜਾਂ ਲਈ ਮੋਹਰੀ ਭੂਮਿਕਾ ਨਿਭਾਈ ਹੈ। ਇਸ ਸਿੱਖ ਸੰਸਥਾ ਨੇ ਹਮੇਸ਼ਾ ਹੀ ਬਿਨਾ ਕਿਸੇ ਵਿਤਕਰੇ ਦੇ ਮਨੁੱਖਤਾ ਦੀ ਸੇਵਾ ਕੀਤੀ ਤੇ ਲਗਾਤਾਰ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦੁਨੀਆ ਅੰਦਰ ਬਹੁਤ ਸਾਰੇ ਧਰਮ ਹਨ ਪਰ ਕਿਸੇ ਵੀ ਧਰਮ ਕੋਲ ਸ਼੍ਰੋਮਣੀ ਕਮੇਟੀ ਜਿਹੀ ਚੁਣੀ ਹੋਈ ਧਾਰਮਿਕ ਸੰਸਥਾ ਨਹੀਂ ਹੈ। ਪੰਥ ਦੀ ਇਸ ਨੁਮਾਇੰਦਾ ਧਾਰਮਿਕ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਮੂਹ ਸੰਗਤ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ, ਬਿਜੈ ਸਿੰਘ, ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਸਤਨਾਮ ਸਿੰਘ ਝਬਾਲ ਤੇ ਸਮੂਹ ਸਟਾਫ ਹਾਜ਼ਰ ਸੀ।

Advertisement

Advertisement
Show comments