ਸਰਹੱਦ ਪਾਰੋਂ ਆਏ ਚਾਰ ਡਰੋਨ, ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਬੀਐੱਸਐੱਫ ਨੇ ਪਾਕਿਸਤਾਨ ਵਾਲੇ ਪਾਸਿਓਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਦੇ ਯਤਨਾਂ ਤਹਿਤ ਦੋ ਥਾਵਾਂ ਤੋਂ ਚਾਰ ਡਰੋਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪਿਸਤੌਲ ਅਤੇ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਰਾਤੇ ਵੇਲੇ ਡਿਊਟੀ ’ਤੇ ਤਾਇਨਾਤ ਬੀਐੱਸਐੱਫ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਪੁਲ ਮੋਰਾਂ ਦੇ ਨੇੜਲੇ ਖੇਤਰ ਵਿੱਚੋਂ ਤਿੰਨ ਡਰੋਨ, ਇੱਕ ਪਿਸਤੌਲ, ਦੋ ਪੈਕੇਟਾਂ ’ਚੋਂ ਇਕ ਕਿਲੋ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਇੱਕ ਖਾਸ ਜਾਣਕਾਰੀ ਦੇ ਆਧਾਰ ’ਤੇ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬੀਐੱਸਐੱਫ ਅਤੇ ਪੰਜਾਬ ਪੁਲੀਸ ਨੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਡਲ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ ਜਵਾਨਾਂ ਨੇ ਸਰਹੱਦ ਪਾਰੋਂ ਨਾਜਾਇਜ਼ ਗਤੀਵਿਧੀਆਂ ਲਈ ਹਵਾਈ ਰਸਤੇ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਤਸਕਰਾਂ ਦੇ ਯਤਨਾਂ ਨੂੰ ਨਾਕਾਮ ਕਰ ਦਿੱਤਾ ਹੈ।
ਨਸ਼ਾ ਤਸਕਰੀ ਦੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੰਗਰੂਰ ਜ਼ਿਲ੍ਹਾ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ 22 ਜੁਲਾਈ ਨੂੰ ਮੁਲਜ਼ਮ ਰਵੀ ਵਾਸੀ ਜਾਖਲ, ਜ਼ਿਲ੍ਹਾ ਫਤਿਆਬਾਦ ਨੂੰ 50 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛ-ਪੜਤਾਲ ਦੌਰਾਨ ਰਵੀ ਨੇ ਖੁਲਾਸਾ ਕੀਤਾ ਸੀ ਕਿ ਉਸ ਨੇ ਇਹ ਹੈਰੋਇਨ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਚੀਚਾ ਥਾਣਾ ਘਰਿੰਡਾ, ਜ਼ਿਲ੍ਹਾ ਅੰਮ੍ਰਿਤਸਰ ਕੋਲੋਂ ਅੱਗੇ ਵੇਚਣ ਲਈ ਲਿਆਂਦੀ ਸੀ, ਜਿਸ ਦੇ ਆਧਾਰ ’ਤੇ ਪੁਲੀਸ ਨੇ ਛਾਪੇ ਦੌਰਾਨ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਇਕ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਪੁਲੀਸ ਰਿਮਾਂਡ ਲਿਆ ਹੈ, ਜਿਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ।