ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਗਸਤ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਜ਼ੋਨ ਐਲਾਨਿਆ ਗਿਆ ਹੈ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਰਵਾਸ ਬ੍ਰਾਹਮਣਾਂ, ਗੰਗਰੋਲਾ, ਬਾਬੂ ਸਿੰਘ ਕਲੋਨੀ ਅਬਲੋਵਾਲ ਅਤੇ ਬਾਬਾ ਜੀਵਨ ਸਿੰਘ ਬਸਤੀ ਪਾਸੀ ਰੋਡ ਪਟਿਆਲਾ ਬਿਮਾਰੀ ਦੇ ਕੇਂਦਰ ਐਲਾਨੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈਸੀਏਆਰ), ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੁਪਾਲ ਨੇ ਇਨ੍ਹਾਂ ਥਾਵਾਂ ਤੋਂ ਸੂਰਾਂ ਦੇ ਸੈਂਪਲਾਂ ਵਿੱਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਕੀਤੀ ਹੈ ਜਿਸ ਪਿੱਛੋਂ ਪਸ਼ੂ ਪਾਲਣ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਬਿਮਾਰੀ ਦੇ ਇਨ੍ਹਾਂ ਕੇਂਦਰਾਂ ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਨੂੰ ਸੰਕਰਮਿਤ ਜ਼ੋਨ ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਖੇਤਰ ਨੂੰ ਨਿਗਰਾਨੀ ਜ਼ੋਨ ਐਲਾਨ ਦਿੱਤਾ ਹੈ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਜ਼ਿੰਦਾ ਜਾਂ ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ ਬਾਹਰ ਨਹੀਂ ਲਿਜਾਣ ਦਿੱਤੀ ਜਾਵੇਗੀ ਤੇ ਨਾ ਹੀ ਜ਼ੋਨ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ, ਇਸ ਲਈ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ ਜਾਂ ਦੂਜੇ ਜ਼ਿਲ੍ਹਿਆਂ ਵਿੱਚ ਨਾ ਜਾਣ ਅਤੇ ਸੂਰਾਂ ਲਈ ਖੁਰਾਕ ਆਪਣੇ ਫਾਰਮ ’ਤੇ ਹੀ ਤਿਆਰ ਕਰਨ।