1563 ਕਿੱਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਸੌਂਦ
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਵੱਖ-ਵੱਖ ਸ਼ਹਿਰਾਂ ਤੋਂ ਸਜਾਏ ਜਾਣ ਵਾਲੇ ਚਾਰ ਨਗਰ ਕੀਰਤਨ 19 ਨਵੰਬਰ ਨੂੰ ਕੁੱਲ 1563 ਕਿੱਲੋਮੀਟਰ ਦੀ ਦੂਰੀ ਤੈਅ ਕਰਨਗੇ ਅਤੇ ਇਹ ਪੂਰੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ-ਕਸਬਿਆਂ ਵਿੱਚੋਂ ਦੀ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ, ਜੋ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਹੋਵੇਗਾ। ਇਹ ਨਗਰ ਕੀਰਤਨ ਕੁੱਲ 544 ਕਿੱਲੋਮੀਟਰ ਦੀ ਵਾਟ ਤੈਅ ਕਰੇਗਾ। ਮਾਝਾ-ਦੁਆਬਾ ਰੂਟ ’ਤੇ 20 ਨਵੰਬਰ ਨੂੰ ਨਗਰ ਕੀਰਤਨ ਗੁਰਦਾਸਪੁਰ ਤੋਂ ਸ਼ੁਰੂ ਹੋਵੇਗਾ ਅਤੇ ਬਟਾਲਾ, ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ, ਗੋਇੰਦਵਾਲ ਸਾਹਿਬ, ਕਪੂਰਥਲਾ, ਕਰਤਾਰਪੁਰ, ਜਲੰਧਰ, ਬੰਗਾ ਤੇ ਬਲਾਚੌਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਤੇ 21 ਨਵੰਬਰ ਨੂੰ ਜਲੰਧਰ ਵਿਖੇ ਹੋਵੇਗਾ। ਇਹ ਨਗਰ ਕੀਰਤਨ ਕੁੱਲ 345 ਕਿੱਲੋਮੀਟਰ ਦਾ ਫ਼ਾਸਲਾ ਤੈਅ ਕਰਕੇ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ।
