ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਪੰਜਾਬ ਮੰਤਰੀ ਮੰਡਲ ਵਿੱਚ ਕੀਤੇ ਗਏ ਵਾਧੇ ਤੋਂ ਬਾਅਦ ਸ਼ਾਮਲ ਹੋਏ ਪੰਜ ਨਵੇਂ ਮੰਤਰੀਆਂ ਵਿੱਚੋਂ ਡਾ. ਇੰਦਰਬੀਰ ਸਿੰਘ ਨਿੱਝਰ, ਚੇਤਨ ਸਿੰਘ ਜੌੜੇਮਾਜਰਾ, ਫੌਜਾ ਸਿੰਘ ਸਰਾਰੀ ਤੇ ਅਨਮੋਲ ਗਗਨ ਮਾਨ ਨੇ ਅੱਜ ਆਪਣੇ ਅਹੁਦੇ ਸੰਭਾਲ ਲਏ ਹਨ, ਜਦਕਿ ਅਮਨ ਅਰੋੜਾ ਕੁਝ ਕਾਰਨਾਂ ਕਰਕੇ ਅੱਜ ਆਪਣਾ ਅਹੁਦਾ ਨਹੀਂ ਸੰਭਾਲ ਸਕੇ।
ਇਸ ਮੌਕੇ ਨਵੇਂ ਮੰਤਰੀਆਂ ਨੇ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦਾ ਅਹਿਦ ਲਿਆ। ਜਾਣਕਾਰੀ ਅਨੁਸਾਰ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ ਹੈ। ਡਾ. ਨਿੱਝਰ ਨੇ ਕਿਹਾ, ‘ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ ਤੇ ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਲੋਕਾਂ ਨੂੰ ਅਤਿ-ਆਧੁਨਿਕ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।’ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ। ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀਆਂ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ ਹੈ।
ਇਸ ਦੇ ਨਾਲ ਹੀ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੀ ਯਤਨਸ਼ੀਲ ਹੈ। ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸੈਰ ਸਪਾਟਾ, ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕੋਈ ਉਸਾਰੂ ਨੀਤੀ ਨਹੀਂ ਅਪਣਾਈ। ਪੰਜਾਬ ਰਾਜ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾ ਹਨ ਤੇ ਮਾਨ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ। -ਪੀਟੀਆਈ