ਅਟਾਰੀ: ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਭਾਰਤੀ ਖੇਤਰ ਵਿੱਚ ਪਾਕਿਸਤਾਨ ਤੋਂ ਆਏ ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਅੱਜ ਤੜਕਸਾਰ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨ ਭਾਰਤ-ਪਾਕਿ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸਰਹੱਦੀ ਪਿੰਡ ਰਤਨ ਖੁਰਦ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖੇਤਰ ’ਚ ਦਾਖਲ ਹੋਏ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਸੀਮਾ ਸੁਰੱਖਿਆ ਬਲਾਂ ਨੇ ਡਰੋਨ ’ਤੇ ਲਗਪਗ 15 ਫਾਇਰ ਕੀਤੇ ਪਰ ਡਰੋਨ ਪਾਕਿਸਤਾਨ ਵਾਲੇ ਪਾਸੇ ਪਰਤ ਗਿਆ। ਸੀਮਾ ਸੁਰੱਖਿਆ ਬਲ ਨੇ ਜਦੋਂ ਇਲਾਕੇ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ ਪਾਕਿਸਤਾਨੀ ਡਰੋਨ ਵੱਲੋਂ ਸੁੱਟੇ ਚਾਰ ਪੈਕੇਟ ਮਿਲੇ, ਜਿਨ੍ਹਾਂ ਵਿੱਚੋਂ 3 ਕਿਲੋ 290 ਗ੍ਰਾਮ ਹੈਰੋਇਨ ਬਰਾਮਦ ਹੋਈ। ਉਪਰੰਤ ਸੀਮਾ ਸੁਰੱਖਿਆ ਬਲ ਨੇ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ