ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ: ਸੰਜੈ ਸੇਠ
ਕੇਂਦਰੀ ਰੱਖਿਆ ਰਾਜ ਮੰਤਰੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ; ਹੜ੍ਹ ਪੀਡ਼ਤਾਂ ਦੇ ਮੁਡ਼ ਵਸੇਬੇ ਬਾਰੇ ਚਰਚਾ
Advertisement
ਕੇਂਦਰੀ ਰੱਖਿਆ ਰਾਜ ਮੰਤਰੀ ਸੰਜੈ ਸੇਠ ਨੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੇ ਮੁੜ ਵਸੇਬੇ, ਰਾਹਤ ਕਾਰਜਾਂ ਅਤੇ ਬੁਨਿਆਦੀ ਢਾਂਚੇ ਦੀ ਮੁੜ ਉਸਾਰੀ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰ ਸਿੰਘ ਸਿੱਧੂ, ਸਾਬਕਾ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਰਾਣਾ ਸੋਢੀ ਵੀ ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਕੇਂਦਰੀ ਰੱਖਿਆ ਰਾਜ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਜ਼ਿਲ੍ਹੇ ’ਚ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ ਅਤੇ ਰਾਹਤ, ਬਚਾਅ ਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਦਿੱਤੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਤੁਰੰਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੁਨਰਵਾਸ, ਰਾਹਤ ਕਾਰਜਾਂ, ਬੁਨਿਆਦੀ ਢਾਂਚੇ ਦੀ ਮੁੜ ਉਸਾਰੀ, ਹੜ੍ਹ ਪੀੜਤਾਂ ਨੂੰ ਨੁਕਸਾਨ ਦੇ ਮੁਆਵਜ਼ੇ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਫੌਜ, ਐਨ ਡੀ ਆਰ ਐਫ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੜ੍ਹ ਦੌਰਾਨ ਲੋਕਾਂ ਦੀ ਜ਼ਿੰਦਗੀਆਂ ਬਚਾਉਣ ਲਈ ਸ਼ਲਾਘਾ ਕੀਤੀ।
Advertisement
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਕੇਂਦਰੀ ਰਾਜ ਮੰਤਰੀ ਨੂੰ ਦੱਸਿਆ ਕਿ ਜ਼ਿਲ੍ਹੇ ਦੇ 113 ਪਿੰਡ, 38,614 ਵਿਅਕਤੀ ਅਤੇ 38,400 ਏਕੜ ਫਸਲ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਦੋ ਵਿਅਕਤੀਆਂ ਦੀ ਮੌਤ ਤੇ 76 ਪਸ਼ੂਆਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਫ਼ਸਲ, ਖੇਤਾਂ, ਘਰਾਂ ਅਤੇ ਪਸ਼ੂਆਂ ਆਦਿ ਦੇ ਹੋਏ ਨੁਕਸਾਨ ਦਾ ਸਰਵੇ 10 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ ਤੇ 11 ਅਕਤੂਬਰ ਤੋਂ 25 ਫੀਸਦੀ ਪੀੜਤਾਂ ਨੂੰ ਮੁਆਵਜ਼ਾ ਵੀ ਦੇ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਅਕਤੂਬਰ ਤੱਕ 100 ਫੀਸਦੀ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ।
Advertisement