ਰਵੇਲ ਸਿੰਘ ਭਿੰਡਰ
ਪਟਿਆਲਾ, 17 ਅਕਤੂਬਰ
ਉੱਘੇ ਪੰਜਾਬੀ ਲੇਖਕ ਕੁਲਦੀਪ ਸਿੰਘ ਧੀਰ, ਜਿਨ੍ਹਾਂ ਦਾ ਲੰਘੀ ਰਾਤ ਅਚਾਨਕ ਦੇਹਾਂਤ ਹੋ ਗਿਆ ਸੀ, ਦਾ ਅੱਜ ਬਾਅਦ ਦੁਪਹਿਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਵਿੱਚ ਵਿਗਿਆਨ ਸਬੰਧੀ ਵੱਖ-ਵੱਖ ਵਿਸ਼ਿਆਂ ’ਤੇ ਪੰਜਾਬੀ ਵਿੱਚ ਲਿਖਿਆ। ਇਸ ਕਾਰਨ ਉਨ੍ਹਾਂ ਦੀ ਪੰਜਾਬੀ ਸਾਹਿਤ ਜਗਤ ਵਿੱਚ ਵੱਖਰੀ ਤੇ ਵਿਲੱਖਣ ਪਛਾਣ ਸੀ। ਉਨ੍ਹਾਂ ਪੰਜਾਬੀ ਸਾਹਿਤ ਜਗਤ ਦੀ ਝੋਲੀ ਦੇ ਵਿੱਚ ਚਾਲੀ ਦੇ ਕਰੀਬ ਕਿਤਾਬਾਂ ਪਾਈਆਂ। ਉਹ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਦੇ ਪ੍ਰੋਫੈਸਰ, ਡੀਨ ਅਕਾਦਮਿਕ ਮਾਮਲੇ ਅਤੇ ਪੰਜਾਬੀ ਵਿਭਾਗ ਮੁਖੀ ਰਹੇ। ਪੰਜਾਬੀ ਸਾਹਿਤ ਜਗਤ ਵਿੱਚ ਇੱਕ ਉੱਘੇ ਚਿੰਤਕ ਵਜੋਂ ਵੀ ਜਾਣੇ ਜਾਂਦੇ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਕਈ ਅਹਿਮ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ । ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਡਾਕਟਰ ਕੰਵਲਜੀਤ ਸਿੰਘ ਨੇ ਦਿੱਤੀ।