ਐੱਨ.ਪੀ. ਸਿੰਘ
ਬੁਢਲਾਡਾ, 11 ਦਸੰਬਰ
ਦਿੱਲੀ ਸੰਘਰਸ਼ ਵਿੱਚ ਅੱਠ ਦਿਨ ਪਹਿਲਾਂ ਫ਼ੌਤ ਹੋਏ ਪਿੰਡ ਬੱਛੂਆਣਾ ਦੇ ਕਿਸਾਨ ਗੁਰਜੰਟ ਸਿੰਘ (6) ਦਾ ਅੱਜ ਸਸਕਾਰ ਕਰ ਦਿੱਤਾ ਗਿਆ। ਉਸ ਦੀ ਦੇਹ ਬੀਤੀ ਰਾਤ ਬੁਢਲਾਡਾ ਲਿਆਂਦੀ ਗਈ ਸੀ। ਸਵੇਰੇ ਪਹਿਲਾਂ ਕਿਸਾਨਾਂ ਵੱਲੋਂ ਇੱਕ ਮਾਰਚ ਕੱਢਿਆ ਗਿਆ ਅਤੇ ਮਗਰੋਂ ਉਸ ਦੇ ਜੱਦੀ ਪਿੰਡ ਬੱਛੂਆਣਾ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਬੁਢਲਾਡਾ ਦੇ ਦੋਵਾਂ ਸਿਟੀ ਅਤੇ ਸਦਰ ਥਾਣੇ ਦੀ ਪੁਲੀਸ ਨੇ ਉਸ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਡੀਐੱਸਪੀ ਬਲਵਿੰਦਰ ਸਿੰਘ ਪੰਨੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਜਥੇਬੰਦੀ ਦੇ ਜ਼ਿਲ੍ਹਾ ਆਗੂ ਭੂਰਾ ਸਿੰਘ ਭਾਦੜਾ, ਇੰਦਰਜੀਤ ਝੱਬਰ ਅਤੇ ਸੁਖਪਾਲ ਗੋਰਖ ਨਾਥ ਨੇ ਪੀੜਤ ਪਰਿਵਾਰ ਦੇ ਇੱਕ ਜੀਅ ਨੂੰ ਤੁਰੰਤ ਸਰਕਾਰੀ ਨੌਕਰੀ ਦੇਣ ਅਤੇ ਉਨ੍ਹਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਗੁਰੂਸਰ ਸੁਧਾਰ (ਸੰਤੋਖ ਗਿੱਲ): ਕੇਂਦਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਜੂਝਦਿਆਂ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਭਾਗ ਸਿੰਘ (75) ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬੱਦੋਵਾਲ ਵਿੱਚ ਕੀਤਾ ਗਿਆ। ਉਨ੍ਹਾਂ ਦੇ ਪੁੱਤਰਾਂ ਬੀਰ ਸਿੰਘ, ਗੁਰਪ੍ਰੀਤ ਸਿੰਘ, ਰਘਬੀਰ ਸਿੰਘ ਅਤੇ ਕਿਸਾਨ ਆਗੂਆਂ ਨੇ ਸਾਂਝੇ ਤੌਰ ’ਤੇ ਦੇਹ ਨੂੰ ਅਗਨੀ ਦਿਖਾਈ।
ਕਿਸਾਨ ਆਗੂ ਜਸਦੇਵ ਸਿੰਘ ਲਲਤੋਂ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਸਿੰਘੂ ਬਾਰਡਰ ’ਤੇ ਭਾਗ ਸਿੰਘ ਦੀ ਸਿਹਤ ਅਚਾਨਕ ਵਿਗੜੀ ਤਾਂ ਉਨ੍ਹਾਂ ਨੂੰ ਰੋਹਤਕ ਦੇ ਹਸਪਤਾਲ ਲਿਜਾਇਆ ਗਿਆ। ਉਥੇ ਉਨ੍ਹਾਂ ਦੀ ਮੌਤ ਹੋ ਗਈ। ਸਸਕਾਰ ਮੌਕੇ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਨਕਲਾਬੀ ਨਾਅਰੇ ਲਾਏ ਗਏ। ਸਸਕਾਰ ਤੋਂ ਪਹਿਲਾਂ ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੱਦੋਵਾਲ, ਬਲਜਿੰਦਰ ਸਿੰਘ ਲਲਤੋਂ ਤੇ ਭੁਪਿੰਦਰ ਸਿੰਘ ਨੇ ਮ੍ਰਿਤਕ ਦੀ ਦੇਹ ’ਤੇ ਸੰਘਰਸ਼ ਦਾ ਪ੍ਰਤੀਕ ਹਰਾ ਕਿਸਾਨੀ ਝੰਡਾ ਪਾਇਆ। ਇਸ ਮੌਕੇ ਮੁੱਲਾਂਪੁਰ ਨਗਰ ਕੌਂਸਲ ਦੇ ਪ੍ਰਧਾਨ ਤੇਲੂ ਰਾਮ, ਅਰਸ਼ਪ੍ਰੀਤ ਝਾਂਡੇ ਤੇ ਹੋਰ ਰਾਜਨੀਤਕ ਤੇ ਧਾਰਮਿਕ ਆਗੂ ਮੌਜੂਦ ਸਨ।
ਗੁਰਮੇਲ ਕੌਰ ਦਾ ਚੌਥੇ ਦਿਨ ਵੀ ਨਾ ਹੋਇਆ ਸਸਕਾਰ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਕਾਲਾਝਾੜ ਦੇ ਟੌਲ ਪਲਾਜ਼ਾ ’ਤੇ ਧਰਨੇ ਦੌਰਾਨ ਫੌਤ ਹੋਈ ਬੀਬੀ ਗੁਰਮੇਲ ਕੌਰ ਦਾ ਚੌਥੇ ਦਿਨ ਵੀ ਸਸਕਾਰ ਨਹੀਂ ਹੋ ਸਕਿਆ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਇਸ ਟੌਲ ਪਲਾਜ਼ਾ ’ਤੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਦੀ ਅਗਵਾਈ ਹੇਠ ਧਰਨਾ ਜਾਰੀ ਰਿਹਾ। ਕਿਸਾਨ ਆਗੂ ਸਤਵਿੰਦਰ ਸਿੰਘ, ਬਲਵਿੰਦਰ ਸਿੰਘ ਘਨੌੜ, ਰਘਵੀਰ ਸਿੰਘ ਅਤੇ ਹਰਜੀਤ ਸਿੰਘ ਮਹਿਲਾਂ ਨੇ ਕਿਹਾ ਕਿ ਧਰਨੇ ਦੌਰਾਨ 8 ਦਸੰਬਰ ਨੂੰ ਮਾਤਾ ਗੁਰਮੇਲ ਕੌਰ ਦੀ ਮੌਤ ਹੋ ਗਈ ਸੀ, ਪਰ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਣ ਤੋਂ ਆਨਾ-ਕਾਨੀ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਪਰਿਵਾਰ ਨੂੰ ਮੁਆਵਜ਼ਾ ਦੇਣ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਪੂਰੀ ਨਹੀਂ ਕਰਦੀ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ। ਭਵਾਨੀਗੜ੍ਹ ਦੇ ਐੱਸਡੀਐੱਮ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕ ਕਿਸਾਨ ਬੀਬੀ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਭੇਜ ਦਿੱਤੀ ਸੀ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿੱਚ 72 ਵੇਂ ਦਿਨ ਧਰਨਾ ਜਾਰੀ ਰੱਖਿਆ ਗਿਆ।
ਕਿਸਾਨ ਅੰਦੋਲਨ ’ਚ ਗਏ ਧੂਰੀ ਦੇ ਮੁਨੀਮ ਦੀ ਮੌਤ
ਧੂਰੀ (ਪਵਨ ਕੁਮਾਰ ਵਰਮਾ): ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦਿੱਲੀ ਗਏ ਧੂਰੀ ਦੇ ਮੁਨੀਮ ਕ੍ਰਿਸ਼ਨ ਲਾਲ (60) ਦਾ ਅੱਜ ਦੇਹਾਂਤ ਹੋ ਗਿਆ। ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਦੱਸਿਆ ਕਿ ਕ੍ਰਿਸ਼ਨ ਲਾਲ ਦਿੱਲੀ ਦੀ ਟਿਕਰੀ ਹੱਦ ਨੇੜੇ ਲੰਗਰ ਦੀ ਸੇਵਾ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਬਿਮਾਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਐਸੋਸੀਏਸ਼ਨ ਨੇ ਪੀੜਤ ਪਰਿਵਾਰ ਦੇ ਇੱਕ ਜੀਅ ਲਈ ਸਰਕਾਰੀ ਨੌਕਰੀ ਅਤੇ 20 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ।
ਪ੍ਰਸ਼ਾਸਨ ਵੱਲੋਂ ਦੋ ਲੱਖ ਦਾ ਚੈੱਕ ਸੌਂਪਣ ਮਗਰੋਂ ਕਰਨੈਲ ਸਿੰਘ ਦਾ ਸਸਕਾਰ
ਸ਼ੇਰਪੁਰ (ਬੀਰਬਲ ਰਿਸ਼ੀ): ਟਿਕਰੀ ਹੱਦ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਮਾਰੇ ਗਏ ਸ਼ੇਰਪੁਰ ਦੇ ਕਿਸਾਨ ਕਰਨੈਲ ਸਿੰਘ ਦੇ ਪਰਿਵਾਰ ਨੂੰ ਪ੍ਰਸ਼ਾਸਨ ਵੱਲੋਂ ਦੋ ਲੱਖ ਰੁਪਏ ਦੇਣ ਮਗਰੋਂ ਅੱਜ ਕਿਸਾਨ ਦਾ ਸਸਕਾਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਧੂਰੀ ਦੇ ਐੱਸਡੀਐੱਮ ਲਤੀਫ਼ ਅਹਿਮਦ ਨੇ ਕਿਸਾਨ ਦੇ ਵਾਰਸ ਸੁਖਵਿੰਦਰ ਸਿੰਘ ਨੂੰ ਅੱਜ ਪੰਜ ਲੱਖ ’ਚੋਂ ਦੋ ਲੱਖ ਦਾ ਚੈਕ ਸੌਂਪ ਕੇ 16 ਦਸੰਬਰ ਨੂੰ ਭੋਗ ਵਾਲੇ ਦਿਨ ਬਾਕੀ ਤਿੰਨ ਲੱਖ ਰੁਪਏ, ਕਰਜ਼ਾ ਮੁਆਫੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਵਾਉਣ ਸਬੰਧੀ ਕੇਸ ਬਣਾ ਕੇ ਭੇਜਣ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਕਰਮਜੀਤ ਸਿੰਘ ਛੰਨਾਂ, ਸੁਖਵਿੰਦਰ ਸਿੰਘ ਲੀਲਾ ਅਤੇ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪਾਰਟੀ ਦੇ ਕਾਰਕੁਨ ਜਥੇਬੰਦੀ ਦਾ ਝੰਡਾ ਪਾ ਕੇ ਮ੍ਰਿਤਕ ਦੀ ਦੇਹ ਸ਼ਮਸ਼ਾਨਘਾਟ ਤੱਕ ਲੈ ਕੇ ਗਏ। ਇਸ ਮੌਕੇ ਕਿਸਾਨ ਆਗੂ ਛੰਨਾਂ ਨੇ ਕਿਹਾ ਕਿ ਦਿੱਲੀ ਹਕੂਮਤ ਖ਼ਿਲਾਫ਼ ਆਰੰਭੇ ਸੰਘਰਸ਼ ਦੀ ਜਿੱਤ ਹੀ ਅਜਿਹੇ ਜੁਝਾਰੂਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਧਰ ਬਲਾਕ ਸ਼ੇਰਪੁਰ ਦੇ ਪਿੰਡ ਬਾਲੀਆਂ ਨਾਲ ਸਬੰਧਤ ਦਿੱਲੀ ਕਿਸਾਨ ਸੰਘਰਸ਼ ਦੇ ਇੱਕ ਹੋਰ ਯੋਧੇ ਮਰਹੂਮ ਬਲਦੇਵ ਸਿੰਘ ਬਾਲੀਆਂ ਦੇ ਪੁੱਤਰ ਰਘਵੀਰ ਸਿੰਘ ਨੇ ਦੱਸਿਆ ਕਿ ਉਹ ਪਿਤਾ ਦੀਆਂ ਰਸਮਾਂ ਤੋਂ ਵਿਹਲੇ ਹੋ ਕੇ ਮੁਆਵਜ਼ੇ ਅਤੇ ਕਰਜ਼ਾ ਮੁਆਫੀ ਸਬੰਧੀ ਪ੍ਰਸ਼ਾਸਨ ਨਾਲ ਗੱਲ ਕਰਨਗੇ।
ਹਰਸਿਮਰਤ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਵੰਡਾਇਆ
ਤਲਵੰਡੀ ਸਾਬੋ (ਜਗਜੀਤ ਸਿੱਧੂ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਫ਼ੌਤ ਹੋਏ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ (52) ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਬਠਿੰਡਾ ਲੋਕ ਸਭਾ ਹਲਕਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਉਨ੍ਹਾਂ ਦੇ ਘਰ ਪਹੁੰਚੇ। ਹਰਸਿਮਰਤ ਕੌਰ ਬਾਦਲ ਨੇ ਲਖਵੀਰ ਸਿੰਘ ਦੀ ਪਤਨੀ ਬੀਬੀ ਮਨਜੀਤ ਕੌਰ ਨੂੰ ਆਰਥਿਕ ਸਹਾਇਤਾ ਵੀ ਭੇਟ ਕੀਤੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਗਲਤ ਹੋਣ ਬਾਰੇ ਕਿਸਾਨ ਆਗੂ ਵਿਸਥਾਰ ਵਿੱਚ ਕੇਂਦਰ ਸਰਕਾਰ ਨੂੰ ਦੱਸ ਚੁੱਕੇ ਹਨ ਅਤੇ ਕੇਂਦਰੀ ਮੰਤਰੀ ਵੀ ਕਾਨੂੰਨਾਂ ਵਿੱਚ ਗਲਤੀਆਂ ਮੰਨ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਆਪਣੇ ਅੜੀਅਲ ਵਤੀਰੇ ’ਤੇ ਅੜੀ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਬਜਾਏ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਿੱਦ ਛੱਡ ਕੇ ਪੰਜਾਬ ਦੀ ਕਿਸਾਨੀ ਨੂੰ ਤਬਾਹੀ ਦੇ ਰਾਹ ਲਿਜਾਣ ਵਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ। ਇਸ ਮਗਰੋਂ ਬੀਬੀ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮੱਥਾ ਟੇਕਿਆ।