ਮਹਿੰਦਰ ਸਿੰਘ ਰੱਤੀਆਂ
ਮੋਗਾ, 24 ਮਈ
ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਅੱਜ ਇੱਥੇ ਉਨ੍ਹਾਂ ਦੇ ਆਪਣੇ ਨਿਵਾਸ ਨੇੜੇ ਸਰਕਾਰੀ ਸਨਮਾਨ ਨਾਲ ਸਸਕਾਰ ਕੀਤਾ ਗਿਆ। ਉਹ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ, ਐੱਸਜੀਪੀਸੀ ਮੈਂਬਰ ਅਤੇ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਸਨ। ਉਹ 81 ਵਰ੍ਹਿਆਂ ਦੇ ਸਨ ਤੇ 21 ਮਈ ਨੂੰ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ ਸੀ। ਇਸ ਸੈਂਕੜਿਆਂ ਦੀ ਗਿਣਤੀ ’ਚ ਸਿਆਸੀ ਤੇ ਧਾਰਮਿਕ ਆਗੂ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਨਮਿਤ ਅੰਤਿਮ ਅਰਦਾਸ 29 ਮਈ ਐਤਵਾਰ ਨੂੰ ਅਨਾਜ ਮੰਡੀ ਮੋਗਾ ਵਿੱਚ ਹੋਵੇਗੀ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਰਥੀ ਨੂੰ ਮੋਢਾ ਦਿੱਤਾ।
ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਨਿਧੜਕ ਸਿੰਘ ਬਰਾੜ, ਪਰਮਿੰਦਰ ਸਿੰਘ ਢੀਂਡਸਾ, ਬਲਵੰਤ ਸਿੰਘ ਰਾਮੂਵਾਲੀਆ, ਜਗਮੀਤ ਸਿੰਘ ਬਰਾੜ, ਦਲਜੀਤ ਸਿੰਘ ਚੀਮਾ, ਜਗੀਰ ਕੌਰ, ਮਾਸਟਰ ਮੋਹਣ ਲਾਲ, ਪ੍ਰੇਮ ਸਿੰਘ ਚੰਦੂਮਾਜਰਾ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਆਦਿ ਨੇ ਉਨ੍ਹਾਂ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਦੀ ਮਜ਼ਬੂਤੀ ਤੇ ਸੂਬੇ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਪੀੜ੍ਹੀਆਂ ਯਾਦ ਰੱਖਣਗੀਆਂ।