ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਮਾਰਚ
ਦੋ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਸ਼ਾਮ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਬੇਟੀ ਅਤੇ ਬੇਟੇ ਸਣੇ ਹੋਰ ਰਿਸ਼ਤੇਦਾਰਾਂ ਦੇ ਵਿਦੇਸ਼ ਤੋਂ ਆਉਣ ਮਗਰੋਂ ਸਸਕਾਰ ਕੀਤਾ ਗਿਆ। ਇਸ ਮੌਕੇ ਚੀਫ ਖਾਲਸਾ ਦੀਵਾਨ ਅਹੁਦੇਦਾਰਾਂ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਤੇ ਅਮਰਜੀਤ ਸਿੰਘ ਬਾਂਗਾ, ਚੇਅਰਮੈਨ ਸੀਕੇਡੀ ਸਕੂਲਜ਼ ਡਾ. ਜਸਵਿੰਦਰ ਸਿੰਘ ਢਿੱਲੋਂ ਅਤੇ ਹੋਰ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਦੁਸ਼ਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਵੱਲੋਂ ਪਾਠ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ। ਉਨ੍ਹਾਂ ਦੇ ਬੇਟੇ ਕੰਵਲਜੀਤ ਸਿੰਘ, ਹਰਨੀਤ ਸਿੰਘ ਅਤੇ ਪਰਿਵਾਰਕ ਮੈਂਬਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਚਿਖਾ ਨੂੰ ਅਗਨ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਦਮਦਮੀ ਟਕਸਾਲ ਤੋਂ ਅਜਾਇਬ ਸਿੰਘ ਅਭਿਆਸੀ, ਸਿੰਘ ਸਭਾ ਤੋਂ ਜਨਰਲ ਸਕੱਤਰ ਹਰਮਨਜੀਤ ਸਿੰਘ, ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰਮੋਹਨ ਸਿੰਘ ਛੀਨਾ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸਵਰਗਵਾਸੀ ਨਿਰਮਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਅੰਤਿਮ ਸੰਸਕਾਰ ਮੌਕੇ ਐੱਮਪੀ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਅਕਾਲੀ ਦਲ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਕਾਂਗਰਸ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਰਾਜਿੰਦਰ ਸਿੰਘ ਮਰਵਾਹਾ, ਮਨਮੋਹਨ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।