ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੁਲਾਈ
ਆਮ ਆਦਮੀ ਪਾਰਟੀ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਨੂੰ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਅਤੇ ਲੋਕ ਵਿਰੋਧੀ ਨੀਤੀਆਂ ’ਤੇ ਘੇਰਨ ਦੀ ਬਜਾਏ ਆਪਣੇ ਪ੍ਰਧਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਿਆਸੀ ਭਵਿੱਖ ਬਚਾਉਣ ਦੀ ਚਿੰਤਾ ਹੈ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ’ਤੇ ਅਜਿਹਾ ਕੰਟਰੋਲ ਮੁਕਤ ਸਾਸ਼ਨ ਥੋਪ ਦਿੱਤਾ ਹੈ, ਜਿਸ ਨੇ ਦੇਸ਼ ਵਿੱਚ ਆਰਥਿਕ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਵਧਾ ਦਿੱਤਾ ਹੈ। ਸ੍ਰੀ ਕੰਗ ਨੇ ਕਿਹਾ ਕਿ ਕੇਂਦਰ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਭਾਜਪਾ ਦੀਆਂ ‘ਗੈਰ-ਸੰਵਿਧਾਨਕ ਅਤੇ ਲੋਕ ਵਿਰੋਧੀ ਨੀਤੀਆਂ’ ਖ਼ਿਲਾਫ਼ ਕੋਈ ਰੋਸ ਪ੍ਰਦਰਸ਼ਨ ਕਰਨ ਦੀ ਥਾਂ ਸੋਨੀਆ ਗਾਂਧੀ ਨੂੰ ਈਡੀ ਵੱਲੋਂ ਸੰਮਨ ਕੀਤੇ ਜਾਣ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਵਰਕਰਾਂ ਨੂੰ ਬਲਾਕ ਪੱਧਰ ਤੋਂ ਲੈ ਕੇ ਕੌਮੀ ਪੱਧਰ ਤੱਕ ਧਰਨੇ ਦੇਣ ਦੇ ਨਿਰਦੇਸ਼ ਦੇ ਦਿੱਤੇ। ਇਸੇ ਤਰ੍ਹਾਂ 100 ਸਾਲ ਪੁਰਾਣੀ ਅਕਾਲੀ ਪਾਰਟੀ ਦੇ ਵਰਕਰ ਅਤੇ ਆਗੂ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਨਾ ਖੁਸ਼ ਹਨ ਅਤੇ ਅਹੁਦਾ ਛੱਡਣ ਦੀ ਮੰਗ ਕਰ ਰਹੇ ਹਨ।