ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਅਪਰੈਲ
ਸੰਗਰੂਰ ਜ਼ਿਲ੍ਹਾ ਜੇਲ੍ਹ ’ਚ ਬੰਦ ਗੈਂਗਸਟਰ ਅਮਨਦੀਪ ਸਿੰਘ ਢੋਟੀਆਂ ਨੇ ਬੀਤੀ ਰਾਤ ਆਪਣੀ ਬਾਂਹ ’ਤੇ ਕੱਟ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਸੰਗਰੂਰ ਪੁਲੀਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਹ ਨਾਭਾ ਜੇਲ੍ਹ ਬਰੇਕ ਕਾਂਡ ’ਚ ਸ਼ਾਮਲ ਸੀ।
ਥਾਣਾ ਸਿਟੀ-1 ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਾਮ ਲਾਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਅਮਨਦੀਪ ਸਿੰਘ ਢੋਟੀਆਂ ਨੇ ਬੀਤੀ ਰਾਤ ਕਰੀਬ ਪੌਣੇ ਅੱਠ ਵਜੇ ਆਪਣੀ ਚੱਕੀ ਨੰਬਰ-5 ਵਿਚ ਕਿਸੇ ਤਿੱਖੀ ਚੀਜ਼ ਨਾਲ ਆਪਣੀ ਸੱਜੀ ਬਾਂਹ ਉਪਰ ਕੱਟ ਲਗਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਇਸ ਬਾਰੇ ਪਤਾ ਲੱਗਦਿਆਂ ਹੀ ਜੇਲ੍ਹ ਸਟਾਫ ਉਸ ਨੂੰ ਸਿਵਲ ਹਸਪਤਾਲ ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮੈਡੀਕਲ ਸਹੂਲਤ ਪ੍ਰਦਾਨ ਕੀਤੀ। ਬਾਅਦ ਵਿੱਚ ਗੈਂਗਸਟਰ ਨੂੰ ਮੁੜ ਜ਼ਿਲ੍ਹਾ ਜੇਲ੍ਹ ਵਿਚ ਲਿਆਂਦਾ ਗਿਆ ਹੈ।
ਥਾਣਾ ਸਿਟੀ-1 ਪੁਲੀਸ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਦੀ ਸ਼ਿਕਾਇਤ ’ਤੇ ਗੈਂਗਸਟਰ ਅਮਨਦੀਪ ਸਿੰਘ ਵਾਸੀ ਢੋਟੀਆਂ (ਤਰਨ ਤਾਰਨ) ਖ਼ਿਲਾਫ਼ ਦਫ਼ਾ 46 ਪ੍ਰਿਜ਼ਨ ਐਕਟ 1894, 309 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਗੈਂਗਸਟਰ ਢੋਟੀਆਂ ਬਹੁ-ਚਰਚਿਤ ਨਾਭਾ ਜੇਲ੍ਹ ਬਰੇਕ ਕਾਂਡ ਵਿੱਚ ਸ਼ਾਮਲ ਸੀ, ਜਿਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਰੀਬ ਡੇਢ ਦਰਜਨ ਕੇਸ ਦਰਜ ਹਨ।