ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 13 ਅਕਤੂਬਰ
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਗੈਂਗਸਟਰ ਬਲਜੀਤ ਚੌਧਰੀ ਅਤੇ ਉਸ ਦੇ ਦੋ ਸਾਥੀਆਂ ਗੁਰਪ੍ਰੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਮਸਤਗੜ੍ਹ (ਮੁਹਾਲੀ) ਅਤੇ ਵਿਕਾਸ ਕੁਮਾਰ ਵਾਸੀ ਡੱਡੂਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਪੁਲੀਸ ਨੂੰ ਲੋੜੀਂਦਾ ਸੀ ਅਤੇ ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਗੰਭੀਰ ਦੋਸ਼ਾਂ ਤਹਿਤ 16 ਅਪਰਾਧਕ ਕੇਸ ਦਰਜ ਹਨ। ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏਆਈਜੀ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਫੇਜ਼-1 ਸਥਿਤ ਵਿਸ਼ੇਸ਼ ਸੈੱਲ ਦੇ ਥਾਣੇ ਵਿਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਡੀਐੱਸਪੀ ਗੁਰਚਰਨ ਸਿੰਘ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਪੁਲੀਸ ਨੇ ਬਲਜੀਤ ਚੌਧਰੀ ਅਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਹ ਪੰਜਾਬ ਤੋਂ ਦਿੱਲੀ ਵੱਲ ਉਡਾਰੀ ਮਾਰਨ ਦੀ ਤਾਕ ਵਿਚ ਸਨ। ਬਲਜੀਤ ਚੌਧਰੀ ਅਸਲਾ ਲੈਣ ਲਈ ਆਪਣੇ ਸਾਥੀਆਂ ਨੂੰ ਰਾਜਪੁਰਾ ਮਿਲਣ ਜਾ ਰਿਹਾ ਸੀ ਕਿ ਉਸ ਨੂੰ ਰਸਤੇ ’ਚੋਂ ਹੀ ਪੁਲੀਸ ਨੇ ਕਾਬੂ ਕਰ ਲਿਆ। ਮਗਰੋਂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਉਸ ਦੇ ਦੋਵਾਂ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ .32 ਬੋਰ ਦੇ ਦੋ ਪਿਸਤੌਲ ਅਤੇ 20 ਕਾਰਤੂਸ ਬਰਾਮਦ ਹੋਏ ਹਨ। ਡੀਐੱਸਪੀ ਗੁਰਚਰਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ’ਚ ਪੇਸ਼ ਕਰ ਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।