ਪੱਤਰ ਪ੍ਰੇਰਕ
ਬਠਿੰਡਾ, 24 ਅਗਸਤ
ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਬੰਬੀਹਾ ਗੈਂਗ ਦੇ ਮੈਂਬਰ ਸੁਖਪ੍ਰੀਤ ਬੁੱਢਾ ’ਤੇ ਜੇਲ੍ਹ ਅਧਿਕਾਰੀਆਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਬਠਿੰਡਾ ਦੇ ਡਿਪਟੀ ਜੇਲ੍ਹ ਸੁਪਰਡੈਂਟ ਨਵਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਕੈਂਟ ਦੀ ਪੁਲੀਸ ਨੇ ਇਹ ਕੇਸ ਦਰਜ ਕੀਤਾ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ 23 ਅਗਸਤ ਨੂੰ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਬੈਰਕਾਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਗੈਂਗਸਟਰ ਸੁਖਪ੍ਰੀਤ ਸਿੰਘ ਤੇ ਉਸ ਦੇ ਸਾਥੀ ਹਰਸਿਮਰਨ ਸਿੰਘ ਨੇ ਤਲਾਸ਼ੀ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਅਫ਼ਸਰਾਂ ਨਾਲ ਬਹਿਸ ਕਰਦਿਆਂ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਥਾਣਾ ਕੈਂਟ ਦੇ ਸਬ-ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਂਦਰੀ ਜੇਲ੍ਹ ਬਠਿੰਡਾ ਦੇ ਡਿਪਟੀ ਸੁਪਰਡੈਂਟ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ।