ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਫਰਵਰੀ
ਚੰਡੀਗੜ੍ਹ ਪੁਲੀਸ ਦੀ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ, ਜਿਸ ਤੋਂ ਪੁਲੀਸ ਨੇ ਦੋ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਸ਼ੁਭਮ ਕੁਮਾਰ ਤੇ ਕਾਸ਼ੀ ਸਿੰਘ ਤੋਂ ਇਕ ਪਿਸਤੌਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਸਨ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਸਰਬਜੀਤ ਸਿੰਘ ਵੀ 19 ਜਨਵਰੀ ਨੂੰ ਸੈਕਟਰ-5 ਵਿੱਚ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੀ ਵਾਰਦਾਤ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।