ਸੰਜੀਵ ਹਾਂਡਾ
ਫ਼ਿਰੋਜ਼ਪੁਰ, 14 ਜੂਨ
ਕੋਲਕਾਤਾ ਵਿੱਚ ਪੱਛਮੀ ਬੰਗਾਲ ਤੇ ਪੰਜਾਬ ਪੁਲੀਸ ਦੀ ਸਾਂਝੀ ਕਾਰਵਾਈ ਦੌਰਾਨ ਹੋਏ ਮੁਕਾਬਲੇ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਪੰਜਵੇਂ ਦਿਨ ਵੀ ਸਸਕਾਰ ਨਹੀਂ ਹੋ ਸਕਿਆ। ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਉਸ ਦਾ ਮੁੜ ਪੋਸਟਮਾਰਟਮ ਕਰਵਾਉਣ ਦੀ ਮੰਗ ’ਤੇ ਅੜੇ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਮੰਗ ਮੰਨਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਭੁਪਿੰਦਰ ਸਿੰਘ ਨੇ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਸਾਫ਼ ਕਿਹਾ ਕਿ ਉਹ ਪੋਸਟਮਾਰਟਮ ਤੋਂ ਪਹਿਲਾਂ ਆਪਣੇ ਪੁੱਤ ਦਾ ਸਸਕਾਰ ਨਹੀਂ ਕਰਨਗੇ। ਪੰਜਾਬ ਪੁਲੀਸ ਵਿਚ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਜੈਪਾਲ ਦੇ ਪਿਤਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਆਪਣੇ ਪੁੱਤਰ ਦਾ ਦਿੱਲੀ ਦੇ ਏਮਜ਼ ਜਾਂ ਫਿਰ ਪੀਜੀਆਈ ਚੰਡੀਗੜ੍ਹ ’ਚੋਂ ਮੁੜ ਪੋਸਟਮਾਰਟਮ ਕਰਵਾਉਣ ਸਬੰਧੀ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੁਲੀਸ ਮੁਕਾਬਲੇ ਤੋਂ ਪਹਿਲਾਂ ਜੈਪਾਲ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਜੈਪਾਲ ਦੀ ਇੱਕ ਬਾਂਹ ਤੇ ਕੁਝ ਪਸਲੀਆਂ ਟੁੱਟ ਗਈਆਂ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਸਸਕਾਰ ਲਈ ਸਮਝਾਉਣ ਵਾਸਤੇ ਕੀਤੇ ਗਏ ਉਪਰਾਲੇ ਫ਼ੇਲ੍ਹ ਹੋ ਗਏ ਹਨ ਤੇ ਜੈਪਾਲ ਦਾ ਪਰਿਵਾਰ ਹੁਣ ਹਾਈ ਕੋਰਟ ਦੇ ਫ਼ੈਸਲੇ ਦੀ ਉਡੀਕ ਕਰ ਰਿਹਾ ਹੈ।
B—ਡੱਬੀ—
B
Bਸ਼ੇਰਾ ਖੁੱਬਣ ਤੇ ਵਿੱਕੀ ਗੌਂਡਰ ਦੇ ਪਿਤਾ ਨੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਇਆ B
ਅੱਜ ਗੈਂਗਸਟਰ ਸ਼ੇਰਾ ਖੁੱਬਣ ਤੇ ਵਿੱਕੀ ਗੌਂਡਰ ਦੇ ਪਿਤਾ ਨੇ ਵੀ ਜੈਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼ੇਰਾ ਖੁੱਬਣ ਤੇ ਵਿੱਕੀ ਗੌਂਡਰ ਜੈਪਾਲ ਦੇ ਕਾਫ਼ੀ ਨਜ਼ਦੀਕੀ ਮਿੱਤਰਾਂ ਵਿਚ ਸ਼ਾਮਲ ਸਨ। ਸ਼ੇਰਾ ਖੁੱਬਣ ਦੇ ਪਿਤਾ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਨਿੰਦਣਯੋਗ ਦੱਸਿਆ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਵੀ ਇਸ ਮਾਮਲੇ ਵਿੱਚ ਪੁਲੀਸ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।