ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 13 ਸਤੰਬਰ
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਯੂਨਿਟ ਵੱਲੋਂ ਕੈਨੇਡਾ ਆਧਾਰਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਇੱਕ ਹੋਰ ਸਾਥੀ ਅਨਮੋਲਦੀਪ ਸਿੰਘ ਵਾਸੀ ਹਰੀਕੇ ਪੱਤਣ (ਤਰਨ ਤਾਰਨ) ਨੂੰ ਖਰੜ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਲਖਬੀਰ ਲੰਡਾ ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ’ਤੇ ਹੋਏ ਆਰਪੀਜੀ ਹਮਲੇ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅਨਮੋਲਦੀਪ ਗੁਰੂ ਤੇਗ ਬਹਾਦਰ ਨਗਰ ਖਰੜ ਵਿੱਚ ਇੱਕ ਸਟੂਡੀਓ ਅਪਾਰਟਮੈਂਟ ਵਿੱਚ ਰਹਿ ਰਿਹਾ ਸੀ। ਗ੍ਰਿਫ਼ਤਾਰੀ ਦੌਰਾਨ ਉਸ ਕੋਲੋਂ 103 ਗਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮ ਖ਼ਿਲਾਫ਼ ਐੱਸਐੱਸਓਸੀ ਦੇ ਮੁਹਾਲੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਸੂਤਰਾਂ ਅਨੁਸਾਰ ਅਨਮੋਲਦੀਪ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਜ਼ਦੀਕੀ ਹੈ।