ਮੁਕਾਬਲੇ ’ਚ ਗੈਂਗਸਟਰ ਲਖਬੀਰ ਲੰਡਾ ਦਾ ਸਾਥੀ ਜ਼ਖ਼ਮੀ
ਇੱਥੇ ਤਰਨ ਤਾਰਨ-ਖਡੂਰ ਸਾਹਿਬ ਸੜਕ ’ਤੇ ਭੁੱਲਰ ਪਿੰਡ ਦੇ ਪੁਲ ਨੇੜੇ ਬੀਤੀ ਰਾਤ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਤੇ ਯਾਦਵਿੰਦਰ ਸਿੰਘ ਯਾਦਾ ਚੰਬਾ ਖੁਰਦ ਦਾ ਸਾਥੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਗੁਰਲਾਲ ਸਿੰਘ ਵਾਸੀ ਰਾਜੋਕੇ ਵਜੋਂ ਹੋਈ ਹੈ। ਉਸ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ|
ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਸਥਾਨਕ ਸੀਆਈਏ ਸਟਾਫ਼ ਦੀ ਪੁਲੀਸ ਨੇ ਏਐੱਸਆਈ ਵਿਨੋਦ ਕੁਮਾਰ ਦੀ ਅਗਵਾਈ ਹੇਠ ਭੁੱਲਰ ਪਿੰਡ ਦੀ ਨਹਿਰ ਦੇ ਪੁਲ ’ਤੇ ਨਾਕਾ ਲਾਇਆ ਸੀ। ਇਸ ਦੌਰਾਨ ਬਿਨਾਂ ਨੰਬਰ ਵਾਲੇ ਮੋਟਰਸਾਈਕਲ ’ਤੇ ਇੱਕ ਵਿਅਕਤੀ ਆਇਆ| ਪੁਲੀਸ ਨੂੰ ਦੇਖ ਕੇ ਜਿਵੇਂ ਹੀ ਉਹ ਮੁੜਨ ਲੱਗਾ ਤਾਂ ਉਸ ਦਾ ਮੋਟਰਸਾਈਕਲ ਤਿਲਕ ਗਿਆ। ਇਸ ਮਗਰੋਂ ਉਸ ਨੇ ਪੁਲੀਸ ’ਤੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਵਿੱਚ ਗੁਰਲਾਲ ਸਿੰਘ ਸੱਜੀ ਲੱਤ ’ਤੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲੀਸ ਨੇ ਤੁਰੰਤ ਉਸ ਨੂੰ ਕਾਬੂ ਕਰਕੇ ਤਰਨ ਤਾਰਨ ਦੇ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ| ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰਿਕ ਨੇ ਦੱਸਿਆ ਕਿ ਗੁਰਲਾਲ ਸਿੰਘ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਵਾਸੀ ਹਰੀਕੇ ਅਤੇ ਯਾਦਵਿੰਦਰ ਸਿੰਘ ਯਾਦਾ ਵਾਸੀ ਚੰਬਾ ਖੁਰਦ ਲਈ ਕੰਮ ਕਰਦਾ ਸੀ। ਉਸ ਦੇ ਪਾਕਿਸਤਾਨੀ ਤਸਕਰਾਂ ਨਾਲ ਵੀ ਸਬੰਧ ਹਨ, ਜਿਨ੍ਹਾਂ ਰਾਹੀਂ ਉਹ ਹਥਿਆਰਾਂ ਦੀ ਤਸਕਰੀ ਕਰਦਾ ਸੀ। ਥਾਣਾ ਸਦਰ ਦੀ ਪੁਲੀਸ ਨੇ ਇਸ ਸਬੰਧੀ ਬੀਐੱਨਐੱਸ ਦੀ ਧਾਰਾ 109, 132, 221 ਅਤੇ ਅਸਲਾ ਐਕਟ ਦੀ ਧਾਰਾ 25, 27, 54 ਤੇ 59 ਤਹਿਤ ਕੇਸ ਦਰਜ ਕੀਤਾ ਹੈ|