ਮਹਿੰਦਰ ਸਿੰਘ ਰੱਤੀਆਂ
ਇੱਥੇ ਸੀਆਈਏ ਸਟਾਫ਼ ਨੇ ਅੰਮ੍ਰਿਤਸਰ ਜੇਲ੍ਹ ’ਚ ਬੰਦ ਗੈਂਗਸਟਰਾਂ ਵੱਲੋਂ ਨੈੱਟਵਰਕ ਚਲਾਉਣ ਦਾ ਪਰਦਾਫ਼ਾਸ਼ ਕੀਤਾ ਹੈ। ਬੰਬੀਹਾ ਗੈਂਗ ਦੇ ਮੈਂਬਰ ਨੂੰ ਨਾਜਾਇਜ਼ ਹਥਿਆਰ ਸਪਲਾਈ ਕਰਨ ਦੇ ਦੋਸ਼ ਹੇਠ ਨਾਮਜ਼ਦ ਕਰਕੇ ਉਸ ਕੋਲੋਂ 4 ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੀਆਈਏ ਸਟਾਫ਼ ਨੇ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ਾ ਵਾਸੀ ਪਿੰਡ ਕੋਕਰੀ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 32 ਬੋਰ, ਮੈਗਜ਼ੀਨ ਸਣੇ ਚਾਰ ਦੇਸੀ ਪਿਸਤੌਲ ਅਤੇ ਅੱਠ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਬੰਬੀਹਾ ਗਰੋਹ ਦਾ ਮੈਂਬਰ ਹੈ। ਮੁੱਢਲੀ ਪੜਤਾਲ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਇਹ ਨਾਜਾਇਜ਼ ਹਥਿਆਰ ਉਸ ਨੂੰ ਅੰਮ੍ਰਿਤਸਰ ਜੇਲ੍ਹ ’ਚ ਬੰਦ ਬੰਬੀਹਾ ਗਰੋਹ ਨਾਲ ਸਬੰਧਤ ਗੈਂਗਸਟਰ ਧਰਮਿੰਦਰ ਸਿੰਘ ਉਰਫ਼ ਬਾਜੀ ਵਾਸੀ ਪਿੰਡ ਦੋਸਾਂਝ ਨੇ ਮੁਹੱਈਆ ਕਰਵਾਏ ਸਨ, ਜਿਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 20 ਮੁਕੱਦਮੇ ਦਰਜ ਹਨ। ਮੁਲਜ਼ਮ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ਾ ਦਾ ਇੱਕ ਰੋਜ਼ਾ ਪੁਲੀਸ ਰਿਮਾਂਡ ਹਾਸਲ ਕਰ ਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਸੀਆਈਏ ਸਟਾਫ਼ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਅਤੇ ਗੈਂਗਸਟਰਾਂ ਅਤੇ ਹੋਰ ਗ਼ੈਰ-ਸਮਾਜੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ। ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਜੇਲ੍ਹਾਂ ਵਿਚ ਬੈਠੇ ਗੈਂਗਸਟਰ ਆਪਣਾ ਨੈੱਟਵਰਕ ਚਲਾ ਰਹੇ ਹਨ ਤੇ ਸਰਕਾਰ ਇਹ ਵਰਤਾਰਾ ਰੋਕਣ ਵਿੱਚ ਨਾਕਾਮ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ।