ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਅਕਤੂਬਰ
ਇੱਥੇ ਸ੍ਰੀ ਦਰਬਾਰ ਸਾਹਿਬ ਨੇੜਿਓਂ ਇਕ ਹੋਟਲ ਵਿੱਚੋਂ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤੇ ਤਿੰਨ ਵਿਅਕਤੀਆਂ ਨੂੰ ਅੱਜ ਪੰਜਾਬ ਪੁਲੀਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮਾਂ ਦਾ 7 ਸੱਤ ਦਿਨ ਦਾ ਪੁਲੀਸ ਰਿਮਾਂਡ ਦਿੱਤਾ। ਗ੍ਰਿਫ਼ਤਾਰ ਕੀਤੇ ਇਹ ਵਿਅਕਤੀ ਪਾਕਿਸਤਾਨ ਵਿੱਚ ਰਹਿ ਰਹੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਤੇ ਕੈਨੇਡਾ ’ਚ ਰਹਿ ਰਹੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀ ਹਨ। ਇਨ੍ਹਾਂ ਦੀ ਪਛਾਣ ਬਲਰਾਜ ਸਿੰਘ ਵਾਸੀ ਭਿੱਖੀਵਿੰਡ, ਆਤਿਸ਼ ਕੁਮਾਰ ਤੇ ਅਵਿਨਾਸ਼ ਕੁਮਾਰ ਦੋਵੇਂ ਵਾਸੀ ਪਿੰਡ ਸਰਹਾਲੀ ਕਲਾਂ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨੋਂ ਇਸ ਵੇਲੇ ਗੁਜਰਾਤ ਵਿੱਚ ਟਾਈਲਾਂ ਬਣਾਉਣ ਵਾਲੀ ਫੈਕਟਰੀ ਵਿਚ ਸੁਰੱਖਿਆ ਕਰਮਚਾਰੀ ਵਜੋਂ ਕੰਮ ਕਰ ਰਹੇ ਸਨ। ਇਨ੍ਹਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ, ਦਿੱਲੀ ਪੁਲੀਸ ਅਤੇ ਅੰਮ੍ਰਿਤਸਰ ਪੁਲੀਸ ਵੱਲੋਂ ਸਾਂਝੀ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਦਿੱਲੀ ਪੁਲੀਸ ਵੱਲੋਂ ਹਰਮਿੰਦਰ ਸਿੰਘ ਵਾਸੀ ਕੋਟ ਈਸੇ ਖਾਂ, ਮੋਗਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਇਨ੍ਹਾਂ ਤਿੰਨਾਂ ਦੇ ਨਾਂ ਸਾਹਮਣੇ ਆਏ ਸਨ। ਪੁਲੀਸ ਨੇ ਘਿਉ ਮੰਡੀ ਇਲਾਕੇ ’ਚੋਂ ਬੀਤੀ ਰਾਤ ਹੋਟਲ ਵਿੱਚੋਂ ਇਨ੍ਹਾਂ ਤਿੰਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੋਲੋਂ 9 ਐੱਮਐੱਮ ਦਾ ਪਿਸਤੌਲ ਤੇ 22 ਗੋਲੀਆਂ, ਦੋ ਪਿਸਤੌਲ ਪੁਆਇੰਟ 30 ਬੋਰ ਦੇ ਤੇ 9 ਗੋਲੀਆਂ ਬਰਾਮਦ ਹੋਈਆਂ ਹਨ। ਗ੍ਰਿਫ਼ਤਾਰੀ ਤੋਂ ਬਾਅਦ ਪੁਲੀਸ ਵੱਲੋਂ ਅੱਜ ਤਰਨ ਤਾਰਨ ਤੇ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਵਿੱਚ ਕਈ ਥਾਵਾਂ ਤੇ ਛਾਪੇ ਮਾਰੇ ਗਏ।