ਗੜਗੱਜ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਖੇਤਰ ਵਿੱਚ ਹੜ੍ਹ ਨਾਲ ਪ੍ਰਭਾਵਿਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਸੇਵਾ ਕਰ ਰਹੀਆਂ ਜਥੇਬੰਦੀਆਂ ਨੂੰ ਆਖਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਰਾਹਤ ਸਮੱਗਰੀ ਹਰ ਲੋੜਵੰਦ ਪਰਿਵਾਰਾਂ ਤੱਕ ਪਹੁੰਚੇ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਹਰ ਪਿੰਡ ਤੱਕ ਪਹੁੰਚ ਕਰਨੀ ਅਤੇ ਉਨ੍ਹਾਂ ਤੱਕ ਪਸ਼ੂਆਂ ਦਾ ਚਾਰਾ ਪਹੁੰਚਾਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਹਰ ਪਿੰਡ ਤੱਕ ਪਹੁੰਚ ਨਾ ਹੋਣ ਅਤੇ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਕਿਸ਼ਤੀਆਂ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਰਹਿਣ ਦੀ ਸਖ਼ਤ ਨਿਖੇਧੀ ਕੀਤੀ।
ਇਸ ਮੌਕੇ ਕਾਰਜਕਾਰੀ ਜਥੇਦਾਰ ਗੜਗੱਜ ਨੇ ਪੰਜਾਬ ਦੇ ਸਮੂਹ ਸਿੱਖ ਨੌਜਵਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਰਾਹਤ ਸਮੱਗਰੀ ਪਹੁੰਚਾ ਰਹੀਆਂ ਸਮੂਹ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਕਿ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ।