ਸ਼ਗਨ ਕਟਾਰੀਆ
ਬਠਿੰਡਾ, 26 ਜੁਲਾਈ
ਪੰਜਾਬ ਰੋਡਵੇਜ਼ ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਪੰਜਾਬ ਭਰ ਵਿੱਚ ਗੇਟ ਰੈਲੀਆਂ ਕੀਤੀਆਂ। ਇਸੇ ਤਹਿਤ ਅੱਜ ਇੱਥੇ ਪੀਆਰਟੀਸੀ ਦੇ ਡਿੱਪੂ ਅੱਗੇ ਗੇਟ ਰੈਲੀ ਕੀਤੀ। ਕਾਮਿਆਂ ਨੇ ਮੰਗਾਂ ਨਾ ਮੰਨਣ ’ਤੇ ਆਜ਼ਾਦੀ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੇ ਸਮਾਗਮਾਂ ਵਾਲੀ ਥਾਂ ’ਤੇ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਵੀ ਦਿੱਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਕੁਲਵੰਤ ਸਿੰਘ ਮਨੇਸ, ਡਿੱਪੂ ਪ੍ਰਧਾਨ ਸੰਦੀਪ ਗਰੇਵਾਲ, ਸਰਬਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਬਾਦਲ, ਰਵਿੰਦਰ ਬਰਾੜ, ਹਰਤਰ ਸ਼ਰਮਾ ਅਤੇ ਆਜ਼ਾਦ ਜਥੇਬੰਦੀ ਦੇ ਪ੍ਰਧਾਨ ਹਰਬੰਸ ਸਿੰਘ ਭੋਲਾ ਨੇ ਕਿਹਾ ਕਿ ਉਹ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਅਦਾਰਿਆਂ ’ਚ ਲੰਮੇ ਅਰਸੇ ਤੋਂ ਆਊਟਸੋਰਸ ਅਤੇ ਕੰਟਰੈਕਟ ਆਧਾਰ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦੱਸਿਆ ਕਿ ਮੰਗਾਂ ਲਈ ਬੱਸ ਕਾਮੇ ਪਹਿਲੀ ਅਗਸਤ ਨੂੰ ਸੰਕੇਤਕ ਰੂਪ ’ਚ ਪੰਜਾਬ ਦੇ ਪ੍ਰਮੁੱਖ ਹਾਈਵੇਅ ਜਾਮ ਕਰਨਗੇ। 2 ਅਗਸਤ ਤੋਂ ਪੀਆਰਟੀਸੀ ਦੇ ਮੁੱਖ ਦਫ਼ਤਰ ਅੱਗੇ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਜਾਵੇਗੀ। 11 ਅਗਸਤ ਨੂੰ ਫਿਰ ‘ਗੇਟ ਰੈਲੀਆਂ’ ਕੀਤੀਆਂ ਜਾਣਗੀਆਂ। 14,15 ਤੇ 16 ਅਗਸਤ ਨੂੰ ਪਨਬਸ ਤੇ ਪੀਆਰਟੀਸੀ ਨੂੰ ਮੁਕੰਮਲ ਤੌਰ ’ਤੇ ਹੜਤਾਲ ਕਰਕੇ ਬੰਦ ਕੀਤਾ ਜਾਵੇਗਾ। ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਨੌਕਰੀਓਂ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ, ਪੀਆਰਟੀਸੀ ਦੇ 2014 ’ਚ ਹੱਕੀ ਨੌਕਰੀ ਤੋਂ ਹਟਾਏ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਮੁੜ ਨੌਕਰੀ ਦੇਣ ਤੇ ਪੀਆਰਟੀਸੀ ’ਚ 219 ਕਿੱਲੋਮੀਟਰ ਸਕੀਮ ਤਹਿਤ ਪਾਈਆਂ ਜਾਣ ਵਾਲੀਆਂ ਬੱਸਾਂ ਦੇ ਟੈਂਡਰ ਰੱਦ ਕਰਨ ਆਦਿ ਮੰਗਾਂ ਦਾ ਜ਼ਿਕਰ ਕੀਤਾ।