ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਮਈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਅੱਜ ਇੱਥੇ ਦੀਵਾਨ ਟੋਡਰ ਮੱਲ ਹਾਲ ਵਿੱਚ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਖ਼ਾਲਿਸਤਾਨ ਸਬੰਧੀ ਕੇਸ ਸੁਪਰੀਮ ਕੋਰਟ ਵਿੱਚ ਜਿੱਤ ਚੁੱਕੇ ਹਨ। ਜੋ ਵੀ ਸ਼ਰਾਰਤੀ ਅਨਸਰ ਜਾਂ ਸੰਗਠਨ ਇਸ ਵਿਰੁੱਧ ਕੋਈ ਗੱਲ ਕਰਦਾ ਹੈ ਤਾਂ ਉਸ ਵਿਰੁੱਧ ਸੁਪਰੀਮ ਕੋਰਟ ਦੀ ਮਾਣਹਾਨੀ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਉਹ ਭਾਵੇਂ ਕਿਸੇ ਵੀ ਹਾਲਾਤ ਵਿੱਚ ਹੋਣ ਪਰ ਪੰਥਕ ਮੁੱਦਿਆਂ ’ਤੇ ਉਨ੍ਹਾਂ ਦੀਆਂ ਸੇਵਾਵਾਂ ਹਮੇਸ਼ਾਂ ਪੰਥ ਲਈ ਹਾਜ਼ਰ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਹਿੰਸਾ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਨਾਲ ਕਰਵਾਏਗੀ।