ਹਰਜੀਤ ਸਿੰਘ
ਜ਼ੀਰਕਪੁਰ, 13 ਜਨਵਰੀ
ਹਲਕਾ ਡੇਰਾਬੱਸੀ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੂਬਾ ਸਕੱਤਰ ਅਤੇ ਟਕਸਾਲੀ ਕਾਂਗਰਸੀ ਜਸਪਾਲ ਸਿੰਘ ਜ਼ੀਰਕਪੁਰ ਆਪਣੇ ਸਮਰਥਕਾਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਸ੍ਰੀ ਜਸਪਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ।
ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਾੜੀਆਂ ਨੀਤੀਆਂ ਕਾਰਨ ਹੀ ਟਕਸਾਲੀ ਕਾਂਗਰਸੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਸਪਾਲ ਸਿੰਘ ਜ਼ੀਰਕਪੁਰ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਤੋਂ ਇਲਾਵਾ ਪੰਜਾਬ ਚੋਣਾਂ ਵਿੱਚ ਅਹਿਮ ਜ਼ਿੰਮੇਵਾਰੀ ਦਿੱਤੀ ਜਾਏਗੀ।
ਇਸ ਨਾਲ ਹਲਕਾ ਡੇਰਾਬੱਸੀ ਵਿੱਚ ਪਾਰਟੀ ਦੇ ਉਮੀਦਵਾਰ ਐਨ.ਕੇ. ਸ਼ਰਮਾ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ। ਜਸਪਾਲ ਸਿੰਘ ਜ਼ੀਰਕਪੁਰ ਨੇ ਕਿਹਾ ਕਿ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਟਕਸਾਲੀ ਪਰਿਵਾਰਾਂ ਦੀ ਅਣਦੇਖੀ ਕਰਨ ਦੇ ਨਾਲ ਹਲਕੇ ਵਿੱਚ ਕਥਿਤ ਭ੍ਰਿਸ਼ਟਾਚਾਰ ਵਧਿਆ ਹੈ, ਜਿਸ ਕਾਰਨ ਜੱਦੀ ਕਾਂਗਰਸੀ ਪਰਿਵਾਰਾਂ ਵਿੱਚ ਭਾਰੀ ਰੋਸ ਹੈ। ਵੱਡੀ ਗਿਣਤੀ ਕਾਂਗਰਸੀ ਪਾਰਟੀ ਨੂੰ ਛੱਡਣ ਲਈ ਤਿਆਰ ਬੈਠੇ ਹਨ।
ਸ੍ਰੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਲਈ ਲੋਕਾਂ ਦੀ ਰਾਏ ਲੈਣਾ ਇਕ ਡਰਾਮਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪਾਰਟੀ ਵਿੱਚ ਅਰਵਿੰਦ ਕੇਜਰੀਵਾਲ ਤਾਨਾਸ਼ਾਹ ਹਨ ਜੋ ਆਪਣੇ ਤੋਂ ਇਲਾਵਾ ਕਿਸੇ ਦੀ ਨਹੀਂ ਸੁਣਦੇ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਖੜ੍ਹੀ ਕੀਤੀ ਸੀ ਅੱਜ ਸਾਰੇ ਇਕ ਇਕ ਘਰ ਕੇ ਉਨ੍ਹਾਂ ਨੂੰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਟਿਕਟਾਂ ਵੇਚੀ ਜਾ ਰਹੀਆਂ ਹਨ।
ਨਵਜੋਤ ਸਿੰਘ ਸਿੱਧੂ ਬਾਰੇ ਉਨ੍ਹਾਂ ਨੇ ਕਿਹਾ ਕਿ ਉਹ ਪਾਗਲ ਹਨ ਜਿਨ੍ਹਾਂ ਨੂੰ ਅਕਾਲੀ ਦਲ ਦੀ ਸਰਕਾਰ ਆਉਂਦੇ ਹੀ ਅੰਮ੍ਰਿਤਸਰ ਪਾਗਲਖਾਨੇ ਦਾਖ਼ਲ ਕਰਵਾਇਆ ਜਾਏਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਕੁਝ ਸੀਟਾਂ ਤੇ ਕਾਂਗਰਸ ਅਤੇ ਕੁਝ ਸੀਟਾਂ ਤੇ ਆਮ ਆਦਮੀ ਪਾਰਟੀ ਨਾਲ ਮੁਕਾਬਲਾ ਹੈ ਜਦਕਿ ਭਾਜਪਾ ਮੁਕਾਬਲੇ ਵਿੱਚੋਂ ਬਾਹਰ ਹੈ। ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸਾਰੇ ਸਰਵੇ ਪੇਡ ਹਨ ਜਦਕਿ ਅਸਲੀਅਤ ਵਿੱਚ ਅਕਾਲੀ ਦਲ ਸਰਕਾਰ ਬਣਾ ਰਹੀ ਹੈ। ਇਸ ਮੌਕੇ ਬੀਬੀ ਸ਼ੀਲਮ ਸੋਹੀ, ਬੀਬੀ ਮਨਪ੍ਰੀਤ ਕੌਰ ਡੌਲੀ, ਕਮਲਜੀਤ ਸਿੰਘ ਕਾਮਾ, ਬਲਜਿੰਦਰ ਸਿੰਘ ਬੱਲੀ, ਕ੍ਰਿਸ਼ਨਪਾਲ ਸ਼ਰਮਾ, ਭੁਪਿੰਦਰ ਸਿੰਘ ਸੈਣੀ, ਕੁਲਵਿੰਦਰ ਸਿੰਘ ਸੋਹੀ ਸਣੇ ਹੋਰ ਵੱਡੀ ਗਿਣਤੀ ਅਕਾਲੀ ਆਗੂ ਹਾਜ਼ਰ ਸਨ।