ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੂਨ
ਜੂਨ 1984 ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸ਼ਹੀਦ ਹੋਣ ਵਾਲਿਆਂ ਦੀ ਯਾਦ ਵਿੱਚ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਮੂਹ ਰਸਤਿਆਂ ’ਤੇ ਪੁਲੀਸ ਨੇ ਸਖ਼ਤ ਨਾਕਾਬੰਦੀ ਕੀਤੀ ਹੋਈ ਹੈ, ਜਿਸ ਕਾਰਨ ਗੁਰੂ ਘਰ ਵਿਖੇ ਸ਼ਰਧਾਲੂਆਂ ਦੀ ਆਮਦ ਵੀ ਘਟ ਗਈ ਹੈ। ਅੱਜ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਅਖੰਡ ਪਾਠ ਦੀ ਆਰੰਭਤਾ ਅਰਦਾਸ ਕੀਤੀ, ਜਿਸ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਉਸ ਸਮੇਂ ਦੀ ਕੇਂਦਰੀ ਹਕੂਮਤ ਦੇ ਕਰੂਰ ਕਾਰੇ ਦੀ ਸਿਖਰ ਸੀ, ਜਿਸ ਨੇ ਨਾ ਸਿਰਫ਼ ਸਿੱਖਾਂ, ਸਗੋਂ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਨੂੰ ਇਕਸੁਰਤਾ ਅਤੇ ਕੌਮੀ ਏਕਤਾ ਨਾਲ ਮਨਾਇਆ ਜਾਵੇ। ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਪੁਲੀਸ ਬਲ ਅਤੇ ਨੀਮ ਫ਼ੌਜੀ ਬਲਾਂ ਦੀ ਤੈਨਾਤੀ ਕਾਰਨ ਸ਼ਹਿਰ ਛਾਉਣੀ ਵਿੱਚ ਬਦਲ ਗਿਆ ਹੈ।
‘ਘੱਲੂਘਾਰਾ ਦਿਵਸ’: ਮੁੱਖ ਮੰਤਰੀ ਵੱਲੋਂ ਸਥਿਤੀ ਦਾ ਜਾਇਜ਼ਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਛੇ ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਦੇ ਮੱਦੇਨਜ਼ਰ ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੀਨੀਅਰ ਪੁਲੀਸ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹਰ ਵੇਲੇ ਚੌਕਸੀ ਰੱਖੀ ਜਾਵੇ ਅਤੇ ਪੰਜਾਬ ’ਚ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿੱਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ ਅਤੇ ਸਰਕਾਰ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੂੰ ਪਹਿਲਾਂ ਹੀ ‘ਹਾਈ ਅਲਰਟ’ ’ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਦੀਆਂ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਨੂੰ ਕਾਲੇ ਦਿਨਾਂ ਵੱਲ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਦਾ ਸੱਦਾ ਦਿੱਤਾ।