ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੂਨ
‘ਆਪ’ ਸਰਕਾਰ ਨੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੂੰ ਹਾਈ ਅਲਰਟ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਨੇ ਅੱਜ ਪੁਲੀਸ ਕਮਿਸ਼ਨਰਾਂ, ਆਈ.ਜੀ, ਐਸ.ਐਸ.ਪੀਜ਼ ਅਤੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫ਼ਰੰਸ ਜ਼ਰੀਏ ਮੀਟਿੰਗ ਕੀਤੀ ਅਤੇ ਪੰਜਾਬ ਪੁਲੀਸ ਨੂੰ ਮੁਸਤੈਦੀ ਵਧਾਉਣ ਲਈ ਕਿਹਾ। ਖ਼ੁਫ਼ੀਆ ਏਜੰਸੀਆਂ ਵੱਲੋਂ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਦੇ ਵੱਡੇ ਅਤੇ ਸੰਵੇਦਨਸ਼ੀਲ ਸ਼ਹਿਰਾਂ ਵਿਚ ਅਰਧ ਸੈਨਿਕ ਬਲਾਂ ਦੀਆਂ 20 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲੀਸ ਵੱਲੋਂ ਕਈ ਥਾਈਂ ਫਲੈਗ ਮਾਰਚ ਵੀ ਕੀਤਾ ਗਿਆ। ਪੁਲੀਸ ਨੇ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ’ਤੇ ਵਾਧੂ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਬਠਿੰਡਾ, ਸੰਗਰੂਰ, ਫ਼ਿਰੋਜ਼ਪੁਰ, ਮੁਹਾਲੀ, ਜਲੰਧਰ ਆਦਿ ਸ਼ਹਿਰਾਂ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਗਸ਼ਤ ਵਧਾਈ ਗਈ ਹੈ।