ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੂਨ
ਘੱਲੂਘਾਰਾ ਦਿਵਸ ਦੀ ਪੂਰਬਲੀ ਸੰਧਿਆ ਮੌਕੇ ਅੱਜ ਸ਼ਾਮ ਨੂੰ ਸਿੱਖ ਜਥੇਬੰਦੀ ਦਲ ਖਾਲਸਾ ਅਤੇ ਇਸ ਦੀਆਂ ਸਹਿਯੋਗੀ ਜਥੇਬੰਦੀਆਂ ਨੇ ‘ਆਜ਼ਾਦੀ ਮਾਰਚ’ ਕੱਢਿਆ ਹੈ। ਲਾਰੈਂਸ ਰੋਡ ਸਥਿਤ ਗੁਰਦੁਆਰਾ ਭਾਈ ਵੀਰ ਸਿੰਘ ਕੱਢਿਆ ਗਿਆ ਇਹ ਮਾਰਚ ਸ੍ਰੀ ਅਕਾਲ ਤਖਤ ਵਿਖੇ ਸਮਾਪਤ ਹੋਇਆ, ਜਿੱਥੇ ਘੱਲੂਘਾਰਾ ਦੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਗਈ। ਮਾਰਚ ਵਿੱਚ ਸ਼ਾਮਲ ਕਾਰਕੁਨਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਹੋਰ ਸਿੱਖਾਂ ਦੀਆਂ ਤਸਵੀਰਾਂ ਵਾਲੀਆਂ ਤਖਤੀਆਂ ਅਤੇ ਖਾਲਸਾਈ ਝੰਡੇ ਚੁੱਕੇ ਹੋਏ ਸਨ। ਇਸੇ ਤਰ੍ਹਾਂ ਕੁਝ ਵਾਹਨਾਂ ’ਤੇ ਵੀ ਅਜਿਹੇ ਵੱਡੇ ਫਲੈਕਸ ਬੋਰਡ ਲਾਏ ਗਏ ਸਨ। ਮਾਰਚ ਦੀ ਅਗਵਾਈ ਜਥੇਬੰਦੀ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਕੀਤੀ ਗਈ, ਜਿਸ ਵਿੱਚ ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨੁਮਾਇੰਦੇ ਸਿੱਖ ਯੂਥ ਆਫ ਪੰਜਾਬ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਜਥਾ ਸਿਰਲੱਥ, ਭਾਈ ਧਰਮ ਸਿੰਘ ਕਾਸ਼ਤੀਵਾਲ ਟਰੱਸਟ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਨੁਮਾਇੰਦੇ ਸ਼ਾਮਲ ਸਨ। ਆਗੂਆਂ ਨੇ ਭਲਕੇ ਅੰਮ੍ਰਿਤਸਰ ਬੰਦ ਦਾ ਦਿੱਤਾ ਹੈ।
ਅੱਜ ਸ਼ਹਿਰ ਵਿੱਚ ਘੱਲੂਘਾਰਾ ਦਿਵਸ ਸਬੰਧੀ ਸਖ਼ਤ ਸੁਰਖਿਆ ਪ੍ਰਬੰਧ ਕੀਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਹਰੇਕ ਰਸਤੇ ’ਤੇ ਬੈਰੀਕੇਡ ਅਤੇ ਹੋਰ ਰੋਕਾਂ ਲਾ ਕੇ ਘੇਰਾਬੰਦੀ ਕੀਤੀ ਗਈ ਹੈ। ਸੀਸੀਟੀਵੀ ਕੈਮਰੇ ਵਾਲੇ ਵਾਹਨਾਂ ਰਾਹੀਂ ਆਉਣ-ਜਾਣ ਵਾਲਿਆਂ ’ਤੇ ਨਿਗ੍ਹਾ ਰੱਖੀ ਜਾ ਰਹੀ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਨੇ ਆਖਿਆ ਕਿ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।