ਘੱਲੂਘਾਰਾ ਦਿਵਸ: ਦੋਵਾਂ ਧਿਰਾਂ ਵਿਚਾਲੇ ਸਥਿਤੀ ਜਿਉਂ ਦੀ ਤਿਉਂ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੂਨ
ਜੂਨ 1984 ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੀ 41ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅੱਜ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ। ਉਧਰ, ਦੂਜੇ ਪਾਸੇ ਸ਼੍ੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਦੋਵਾਂ ਧਿਰਾਂ ਵੱਲੋਂ ਛੇ ਜੂਨ ਨੂੰ ਹੋਣ ਵਾਲੇ ਸਮਾਗਮ ਵਿੱਚ ਆਪਸੀ ਟਕਰਾਅ ਟਾਲਣ ਬਾਰੇ ਫਿਲਹਾਲ ਕੋਈ ਫੈਸਲਾ ਸਾਹਮਣੇ ਨਹੀਂ ਆਇਆ।
ਅੱਜ ਅਖੰਡ ਪਾਠ ਆਰੰਭ ਕਰਨ ਸਮੇਂ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ੋਮਣੀ ਕਮੇਟੀ ਮੈਂਬਰ ਤੇ ਹੋਰ ਹਾਜ਼ਰ ਸਨ। ਅਖੰਡ ਪਾਠ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਮਗਰੋਂ ਗੁਰਬਾਣੀ ਕੀਰਤਨ ਹੋਵੇਗਾ, ਰਵਾਇਤ ਅਨੁਸਾਰ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਅਖੰਡ ਪਾਠ ਦੇ ਆਰੰਭ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ 1984 ਵਿੱਚ ਸਮੇਂ ਦੀ ਹਕੂਮਤ ਵੱਲੋਂ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਗਏ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਅਨੇਕਾਂ ਸ਼ਹਾਦਤਾਂ ਹੋਈਆਂ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਵੀ ਗੋਲੀਆਂ ਲੱਗੀਆਂ ਅਤੇ ਸਰੂਪ ਜ਼ਖ਼ਮੀ ਹੋਇਆ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਯਾਦ ਵਿੱਚ ਹਰ ਸਾਲ ਅਕਾਲ ਤਖ਼ਤ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦਮਦਮੀ ਟਕਸਾਲ ਨੇ ਐਲਾਨ ਕੀਤਾ ਹੈ ਕਿ ਜੇ ਜਥੇਦਾਰ ਗੜਗੱਜ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਉਹ ਇਸ ਦਾ ਵਿਰੋਧ ਕਰਨਗੇ। ਇਸ ਸਬੰਧ ਵਿੱਚ ਬੀਤੇ ਦਿਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਚਾਲੇ ਮੀਟਿੰਗ ਵੀ ਹੋਈ ਸੀ। ਮੀਟਿੰਗ ਵਿੱਚ ਦਮਦਮੀ ਟਕਸਾਲ ਦੇ ਮੁਖੀ ਨੇ ਸੁਝਾਅ ਦਿੱਤਾ ਸੀ ਕਿ ਜਥੇਦਾਰ ਦੀ ਥਾਂ ’ਤੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਜਾ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਸਕਦੇ ਹਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਦੇ ਸਕਦੇ ਹਨ, ਜਿਸ ਨਾਲ ਸਥਿਤੀ ਟਕਰਾਅ ਤੋਂ ਬਚ ਸਕਦੀ ਹੈ। ਸ਼੍ੋਮਣੀ ਕਮੇਟੀ ਦੇ ਪ੍ਰਧਾਨ ਨੇ ਵੀ ਭਰੋਸਾ ਦਿੱਤਾ ਸੀ ਕਿ ਇੱਕ ਦੋ ਦਿਨਾਂ ਵਿੱਚ ਇਸ ਮਸਲੇ ਨੂੰ ਹੱਲ ਕਰ ਲਿਆ ਜਾਵੇਗਾ ਪਰ ਫਿਲਹਾਲ ਸਥਿਤੀ ਜਿਵੇਂ ਦੀ ਤਿਵੇਂ ਬਣੀ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਦੋਵੇਂ ਧਿਰਾਂ ਆਪੋ ਆਪਣੇ ਸਟੈਂਡ ’ਤੇ ਅੜੀਆਂ ਹੋਈਆਂ ਹਨ।
ਘੱਲੂਘਾਰਾ ਦਿਵਸ ਸ਼ਾਂਤੀਪੂਰਵਕ ਮਨਾਇਆ ਜਾਵੇਗਾ: ਗੜਗੱਜ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਸ਼ਾਂਤੀਪੂਰਵਕ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਅੱਜ ਇੱਥੇ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਬਣੇ ਵਿਵਾਦ ਸਬੰਧੀ ਕਿਹਾ ਕਿ ਅਜਿਹਾ ਕੁਝ ਨਹੀਂ ਹੈ, ਸਭ ਕੁਝ ਠੀਕ ਹੈ। ਉਨ੍ਹਾਂ ਆਖਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਅਕਾਲ ਤਖ਼ਤ ਵਿਖੇ ਹਨ ਅਤੇ ਉਹ ਲਗਾਤਾਰ ਦੇਖ ਰਹੇ ਹਨ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਆ ਰਹੀ ਹੈ ਅਤੇ ਸੰਗਤ ਚੜ੍ਹਦੀ ਕਲਾ ਵਿੱਚ ਹੈ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਸਾਰੇ ਆਪਸ ਵਿੱਚ ਗੁਰਭਾਈ ਹਨ ਅਤੇ ਕਿਸੇ ਵਿੱਚ ਵੀ ਕੋਈ ਵਿਵਾਦ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪਹਿਲਾਂ ਵਾਂਗ ਇਹ ਦਿਵਸ ਸ਼ਾਂਤੀਪੂਰਵਕ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂ ਵਾਲੇ ਟਕਸਾਲ ਦੇ ਮੁਖੀ ਸਨ ਅਤੇ ਅਜਿਹਾ ਕਦੇ ਵੀ ਨਹੀਂ ਹੋ ਸਕਦਾ ਕਿ ਟਕਸਾਲ ਆਪਣੇ ਮੁਖੀ ਤੇ ਹੋਰ ਸ਼ਹੀਦਾਂ ਦੇ ਸ਼ਹੀਦੀ ਦਿਵਸ ਮੌਕੇ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚੱਲ ਰਹੀਆਂ ਚਰਚਾਵਾਂ ਸਿਰਫ਼ ਕਿਆਸੇ ਹਨ। ਜ਼ਿਕਰਯੋਗ ਹੈ ਕਿ ਦਮਦਮੀ ਟਕਸਾਲ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਜਥੇਦਾਰ ਗੜਗੱਜ ਨੂੰ ਸਿੱਖ ਕੌਮ ਦੇ ਪ੍ਰਵਾਨਿਤ ਜਥੇਦਾਰ ਮੰਨਣ ਤੋਂ ਇਨਕਾਰ ਕੀਤਾ ਹੈ ਅਤੇ ਐਲਾਨ ਕੀਤਾ ਹੈ ਕਿ ਜੇ ਉਹ ਘੱਲੂਘਾਰਾ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹਨ ਅਤੇ ਸ਼ਹੀਦਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਜਥੇਬੰਦੀਆਂ ਉਨ੍ਹਾਂ ਦਾ ਵਿਰੋਧ ਕਰਨਗੀਆਂ। ਇਸ ਦੌਰਾਨ ਪੁਲੀਸ ਵੱਲੋਂ ਕੀਤੇ ਜਾ ਰਹੇ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਅੱਜ ਸ਼ਾਮ ਵੇਲੇ ਸ਼ਹਿਰ ਵਿੱਚ ਫਲੈਗ ਮਾਰਚ ਵੀ ਕੀਤਾ ਗਿਆ।