ਗਿਆਨੀ ਹਰਪ੍ਰੀਤ ਸਿੰਘ ਵੱਲੋਂ ‘ਜਾਗੇਗਾ ਪੰਜਾਬ, ਬਚੇਗਾ ਪੰਜਾਬ’ ਮੁਹਿੰਮ ਸ਼ੁਰੂ
ਇੱਥੋਂ ਦੇ ਪੈਲੇਸ ਵਿੱਚ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਮੁਹਿੰਮ ‘ਜਾਗੇਗਾ ਪੰਜਾਬ, ਬਚੇਗਾ ਪੰਜਾਬ’ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ। ਇਸ ਦੌਰਾਨ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚੋਂ ਪੰਚਾਇਤਾਂ, ਚੇਅਰਮੈਨਾਂ, ਨੌਜਵਾਨਾਂ ਅਤੇ ਅਨੇਕਾਂ ਕਲੱਬਾਂ ਦੇ ਪ੍ਰਧਾਨਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਚੇਅਰਮੈਨਾਂ ਨੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਛੱਡ ਕੇ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠਲੇ ਸ਼੍ਰੋਮਣੀ ਅਕਾਲੀ ਦਲ ਨਾਲ ਚੱਲਣ ਦਾ ਪ੍ਰਣ ਲਿਆ। ਇਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਮਿਤ ਕੁਮਾਰ ਸੇਠੀ ਵੀ ਸ਼ਾਮਲ ਹਨ।
ਇਸ ਮੌਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਲਕਾ ਬਲਾਚੌਰ ਦੇ ਲੋਕਾਂ ਦਾ ਇਹ ਭਰਵਾਂ ਇਕੱਠ ਇਸ ਮੁਹਿੰਮ ਨੂੰ ਪੰਜਾਬ ਭਰ ਵਿੱਚ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਨੌਜਵਾਨਾਂ ਦੇ ਸ਼ਮੂਲੀਅਤ ਕਰਨ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਅਤੇ ਸਮੂਹ ਪੰਜਾਬੀਆਂ ਦੀ ਆਸਾਂ ’ਤੇ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਖਰਾ ਉਤਰੇਗਾ। ਇਸ ਮੌਕੇ ਸ੍ਰੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬੀਆਂ ਨੂੰ ‘ਜਾਗੇਗਾ ਪੰਜਾਬ, ਬਚੇਗਾ ਪੰਜਾਬ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਐੱਸਜੀਪੀਸੀ ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਵਾਸੀ ਮੌਜੂਦ ਸਨ।