ਮਹਿੰਦਰ ਸਿੰਘ ਰੱਤੀਆਂ
ਮੋਗਾ, 10 ਅਕਤੂਬਰ
ਪੰਜਾਬ ਸਰਕਾਰ ਨੇ ਹੁਣ ਨਿੱਜੀ ਡੀਲਰਾਂ ਅਤੇ ਕੰਪਨੀਆਂ ਆਦਿ ਤੋਂ ਕਣਕ ਦਾ ਤਸਦੀਕਸ਼ੁਦਾ ਬੀਜ ਖ਼ਰੀਦਣ ’ਤੇ ਵੀ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਫ਼ੈਸਲਾ ਲਿਆ ਹੈ। ਰਿਜਨਲ ਸੀਡ ਸਰਟੀਫਿਕੇਸ਼ਨ ਅਫ਼ਸਰ (ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਇੰਸਟੀਚਿਊਟ) ਕੋਟਕਪੂਰਾ ਡਾ. ਜਸਵਿੰਦਰ ਸਿੰਘ ਬਰਾੜ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਸਬਸਿਡੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਟਰਾਂਸਫਰ ਕੀਤੀ ਜਾਵੇਗੀ। ਸਾਲ 2021-22 ਲਈ ਕਣਕ ਦੇ ਬੀਜ ਦੀ ਪਾਲਿਸੀ ਅਨੁਸਾਰ ਬੀਜ ਦੀ ਕੀਮਤ ਦਾ 50 ਫ਼ੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ। ਕਿਸਾਨ ਆਪਣੀ ਆਈਡੀ ਬਣਾ ਕੇ ਪੋਰਟਲ ਉੱਤੇ 18 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਨੂੰ ਨਕਲੀ ਬੀਜਾਂ ਤੋਂ ਬਚਾਉਣ ਲਈ ਸੂਬੇ ਨੂੰ ਸੀਡ ਹੱਬ ਬਣਾਉਣ ਲਈ ਸਹਾਈ ਹੋਵੇਗਾ।
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਤੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਘੱਲਕਲਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਿੱਜੀ ਡੀਲਰਾਂ ਤੋਂ ਕਣਕ ਦਾ ਬੀਜ ਖ਼ਰੀਦਣ ’ਤੇ ਸਬਸਿਡੀ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਨਾਂ ਇਸ ਸਬੰਧੀ ਮੰਗ ਪੱਤਰ ਦਿੱਤਾ ਸੀ।