ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 14 ਦਸੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿੱਚ ਪੰਜਾਬੀ ਦੇ ਨਾਵਲਕਾਰ ਨਾਨਕ ਸਿੰਘ ਦੀ ਯਾਦ ਵਿੱਚ ਵਿਸ਼ੇਸ਼ ਗੈਲਰੀ ਸਥਾਪਤ ਕੀਤੀ ਜਾਵੇਗੀ। ਇਸ ਵਿੱਚ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵਸਤਾਂ ਦੀ ਪ੍ਰਦਰਸ਼ਨੀ ਤੇ ਉਨ੍ਹਾਂ ਦੀਆਂ ਲਿਖਤਾਂ ਨਾਲ ਸਬੰਧਤ ਸਮੱਗਰੀ ਉਪਲੱਬਧ ਹੋਵੇਗੀ। ਇਸ ਸਬੰਧੀ ਅੱਜ ਯੂਨੀਵਰਸਿਟੀ ਤੇ ਨਾਵਲਕਾਰ ਨਾਨਕ ਸਿੰਘ ਮੈਮੋਰੀਅਲ ਟਰੱਸਟ ਵਿਚਕਾਰ ਸਮਝੌਤਾ ਸਹੀਬੰਦ ਹੋਇਆ। ਇਸ ਮੌਕੇ ਹਰ ਸਾਲ ਨਾਨਕ ਸਿੰਘ ਯਾਦਗਾਰੀ ਭਾਸ਼ਣ ਕਰਵਾਉਣ ਤੋਂ ਇਲਾਵਾ ਸਾਲਾਨਾ ‘ਨਾਨਕ ਸਿੰਘ ਨਾਵਲਕਾਰ ਐਵਾਰਡ’ ਦੀ ਵੀ ਸਥਾਪਨਾ ਕੀਤੀ ਗਈ। ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਤੇ ਨਾਵਲਕਾਰ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਅੱਜ ਹੋਈ ਮੀਟਿੰਗ ਦੌਰਾਨ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਨਾਨਕ ਸਿੰਘ ਦੇ ਪੁੱਤਰ ਕੁਲਵੰਤ ਸਿੰਘ ਸੂਰੀ ਨੇ ਇਸ ਸਮਝੌਤੇ ’ਤੇ ਦਸਤਖ਼ਤ ਕੀਤੇ। ਇਸ ਮੌਕੇ ਨਾਨਕ ਸਿੰਘ ਦੇ ਪੁੱਤਰ ਕੁਲਬੀਰ ਸਿੰਘ ਸੂਰੀ, ਪੋਤਰਾ ਨਵਦੀਪ ਸਿੰਘ ਸੂਰੀ ਤੇ ਯੂਨੀਵਰਸਿਟੀ ਦੇ ਅਧਿਕਾਰੀ ਹਾਜ਼ਰ ਸਨ। ਨਵਦੀਪ ਸਿੰਘ ਸੂਰੀ ਨੇ ਕਿਹਾ ਕਿ ਉਹ ਤੇ ਪੂਰਾ ਪਰਿਵਾਰ ਇਸ ਕਾਰਜ ਲਈ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਧੰਨਵਾਦੀ ਹਨ। ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਸਮਝੌਤੇ ਤੋਂ ਇਲਾਵਾ ਨਾਨਕ ਸਿੰਘ ਦੀਆਂ ਮਹਾਨ ਲਿਖਤਾਂ ਦਾ ਵੱਖ-ਵੱਖ ਭਾਸ਼ਾਵਾਂ ਵਿੱਚ ਯੂਨੀਵਰਸਿਟੀ ਵੱਲੋਂ ਅਨੁਵਾਦ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੈਲਰੀ ਦਾ ਪੰਜਾਬੀ ਹਿਤੈਸ਼ੀਆਂ ਨੂੰ ਹੀ ਨਹੀਂ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਖੋਜਾਰਥੀਆਂ ਨੂੰ ਲਾਭ ਪਹੁੰਚਾਉਣ ਲਈ ਯੂਨੀਵਰਸਿਟੀ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।