ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 30 ਨਵੰਬਰ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਦਿੱਲੀ ਪੁੱਜਣ ਦਾ ਸੱਦਾ ਦਿੱਤਾ ਹੈ ਤਾਂ ਜੋ ਸਰਕਾਰ ਤੋਂ ਰਹਿੰਦੀਆਂ ਮੰਗਾਂ ਵੀ ਮੰਨਵਾਈਆਂ ਜਾ ਸਕਣ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਵਿੱਚ 48 ਹਜ਼ਾਰ ਕਿਸਾਨਾਂ ’ਤੇ ਮੁਕੱਦਮੇ ਦਰਜ ਹੋਏ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਹੁਣ ਵੱਡਾ ਭਰਾ ਹੋਣ ਦੇ ਨਾਤੇ ਪੰਜਾਬ ਦਾ ਫਰਜ਼ ਬਣਦਾ ਹੈ ਕਿ ਉਹ ਹਰਿਆਣੇ ਦੇ ਛੋਟੇ ਭਰਾਵਾਂ ਨਾਲ ਖੜ੍ਹੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਰੇ ਮੁਕੱਦਮੇ ਰੱਦ ਨਹੀਂ ਕਰਦੀ, ਐੱਮਐੱਸਪੀ ਸਬੰਧੀ ਗਾਰੰਟੀ ਦਾ ਕਾਨੂੰਨ ਨਹੀਂ ਬਣਾਉਂਦੀ, ਬਿਜਲੀ ਸੋਧ ਬਿੱਲ ਤੇ ਪਰਾਲੀ ਕਾਨੂੰਨ ਰੱਦ ਨਹੀਂ ਕਰਦੀ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਨਹੀਂ ਦਿੰਦੀ, ਉਸ ਸਮੇਂ ਤੱਕ ਅੰਦੋਲਨਕਾਰੀਆਂ ਨੂੰ ਮੋੋਰਚੇ ’ਤੇ ਡਟੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਜੋ ਇੱਜ਼ਤ ਇਸ ਅੰਦੋਲਨ ਨੇ ਬਣਾਈ ਹੈ, ਉਸ ਨੂੰ ਬਰਕਰਾਰ ਰੱਖਣਾ ਹੁਣ ਪੰਜਾਬ ਵਾਸੀਆਂ ਦੇ ਹੱਥ ਵਿੱਚ ਹੈ ਕਿਉਂਕਿ ਜਦੋਂ ਪੰਜਾਬ ਨੂੰ ਲੋੜ ਸੀ ਤਾਂ ਸਾਰਾ ਦੇਸ਼ ਪੰਜਾਬ ਨਾਲ ਖੜ੍ਹਾ ਸੀ ਅਤੇ ਹੁਣ ਸਾਡਾ ਫਰਜ਼ ਬਣਦਾ ਹੈ ਉਨ੍ਹਾਂ ਨਾਲ ਖੜ੍ਹਿਆ ਜਾਵੇ। ਸ੍ਰੀ ਡੱਲੇਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਹਰ ਮੋਰਚੇ ਨੂੰ ਉਠਾਉਣ ਲਈ ਸਾਜ਼ਿਸ਼ਾਂ ਰਚ ਰਹੀ ਹੈ। ਸੰਸਦ ਵਿੱਚ ਖੇਤੀ ਕਾਨੂੰਨਾਂ ਦੇ ਰੱਦ ਹੋਣ ’ਤੇ ਕਿਸਾਨ ਆਗੂ ਨੇ ਅੰਦੋਲਨਕਾਰੀਆਂ ਨੂੰ ਵਧਾਈ ਵੀ ਦਿੱਤੀ।