ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਰਬਾਰ ਸਾਹਿਬ ’ਚ ਸੋਨੇ ਦੇ ਪੱਤਰੇ ਲਾਉਣ ਦੀ ਸੇਵਾ ਸ਼ੁਰੂ

ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਕਰ ਰਿਹੈ ਸੇਵਾ
ਸ੍ਰੀ ਦਰਬਾਰ ਸਾਹਿਬ ਵਿੱਚ ਸੋਨੇ ਦੇ ਪੱਤਰ ਲਾਉਣ ਦੀ ਸੇਵਾ ਸ਼ੁਰੂ ਕਰਵਾਉਂਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ।
Advertisement

ਇਥੇ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿੱਚ ਸੋਨੇ ਦੇ ਪੱਤਰੇ ਲਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ, ਜਿਸ ਨੇ ਮੁਰੰਮਤ ਦਾ ਕੰਮ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰਿਆਂ ਨਾਲ ਸੱਚਖੰਡ ਹਰਿਮੰਦਰ ਸਾਹਿਬ ਪਹੁੰਚੇ ਅਤੇ ਉਨ੍ਹਾਂ ਪੱਤਰੇ ਲਾਉਣ ਦੀ ਸੇਵਾ ਆਰੰਭ ਕਰਵਾਈ।

ਸ੍ਰੀ ਧਾਮੀ ਨੇ ਦੱਸਿਆ ਕਿ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ’ਤੇ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਸੇਵਾ ਦੌਰਾਨ ਪੱਤਰਿਆਂ ਨੂੰ ਪਹਿਲਾਂ ਵਾਂਗ ਹੂਬਹੂ ਤਿਆਰ ਕਰਕੇ ਮੁੜ ਲਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕੰਮ ਵੀ ਜਾਰੀ ਹੈ। ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸੇਵਕ ਜਥੇ ਦੇ ਮੁਖੀ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸਹਿਯੋਗ ਲਈ ਸੰਗਤ ਦਾ ਧੰਨਵਾਦ ਕੀਤਾ।

Advertisement

 

 

Advertisement
Show comments