ਸੇਖਨ ਮਾਜਰਾ ਵਿੱਚ 12 ਲੱਖ ਤੇ 7 ਤੋਲੇ ਸੋਨੇ ਦੇ ਗਹਿਣੇ ਲੁੱਟੇ
ਜ਼ਖ਼ਮੀ ਨੌਜਵਾਨ ਲਖਵਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਅੱਜ ਤੜਕੇ 2 ਵਜੇ ਦੇ ਕਰੀਬ ਚਾਰ ਲੁਟੇਰੇ ਘਰ ਦਾ ਮੁੱਖ ਗੇਟ ਟੱਪ ਕੇ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਉਸ ਦੇ ਪੁੱਤਰ ਲਖਵਿੰਦਰ ਸਿੰਘ ’ਤੇ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਪਤਨੀ ’ਤੇ ਬੰਦੂਕ ਤਾਣ ਲਈ। ਉਹ ਘਰ ਵਿੱਚ ਪਈ 12 ਲੱਖ ਰੁਪਏ ਦੀ ਨਕਦੀ, ਸੱਤ ਤੋਲੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਲੁੱਟ ਕੇ ਲੈ ਗਏ।
ਉਨ੍ਹਾਂ ਦੱਸਿਆ ਘਟਨਾ ਉਪਰੰਤ ਪਰਿਵਾਰਕ ਮੈਂਬਰਾਂ ਨੇ ਜਦੋਂ ਰੌਲਾ ਪਾਇਆ ਤਾਂ ਲੁਟੇਰੇ ਜੋ ਦੋ ਮੋਟਰਸਾਈਕਲਾਂ ’ਤੇ ਆਏ ਸਨ, ਸਾਮਾਨ ਲੈ ਕੇ ਫਰਾਰ ਹੋ ਗਏ। ਜ਼ਖ਼ਮੀ ਲਖਵਿੰਦਰ ਸਿੰਘ ਨੂੰ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਮੁਹਾਲੀ ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਘਟਨਾ ਬਾਰੇ ਸੂਚਨਾ ਮਿਲਣ ’ਤੇ ਮੁਹਾਲੀ ਦੇ ਆਈਟੀ ਸਿਟੀ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਸਰਪੰਚ ਸਤਨਾਮ ਸਿੰਘ ਸੇਖਨ ਮਾਜਰਾ ਨੇ ਪੁਲੀਸ ਪ੍ਰਸ਼ਾਸਨ ਤੋਂ ਲੁਟੇਰਾ ਗਰੋਹ ਨੂੰ ਕਾਬੂ ਕਰਨ ਦੀ ਮੰਗ ਕੀਤੀ।