ਪ੍ਰਕਾਸ਼ ਪੁਰਬ ਮੌਕੇ Sri Harmandir Sahib ਵਿੱਚ ਜਲੌਅ ਸਜਾਏ
ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦੋਵੇਂ ਪਾਸੇ ਸਮਾਗਮ ਹੋਏ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।...
ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦੋਵੇਂ ਪਾਸੇ ਸਮਾਗਮ ਹੋਏ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਅੱਜ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਈ। ਇਸੇ ਤਰ੍ਹਾਂ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਨੂੰ ਯਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਗੁਰੂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਅਖੰਡ ਪਾਠ ਦੇ ਭੋਗ ਪਾਏ ਗਏ। ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ। ਰਾਤ ਵੇਲੇ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਦੋਵੇਂ ਪਾਸੇ ਗੁਰੂ ਘਰ ਦੇ ਪ੍ਰੇਮੀਆਂ ਵੱਲੋਂ ਆਤਿਸ਼ਬਾਜ਼ੀ ਵੀ ਚਲਾਈ ਗਈ।
ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਭਾਈ ਪ੍ਰੇਮ ਸਿੰਘ, ਗ੍ਰੰਥੀ ਭਾਈ ਗੁਰਸੇਵਕ ਸਿੰਘ ਤੇ ਭਾਈ ਰਣਜੀਤ ਸਿੰਘ ਹਾਜ਼ਰ ਸਨ।

