ਤਿਉਹਾਰਾਂ ਦੇ ਮੱਦੇਨਜ਼ਰ ਸਰਕਾਰ ਤੇ ਪ੍ਰਸ਼ਾਸਨ ਚੌਕਸ
ਮੁੱਖ ਮੰਤਰੀ ਵੱਲੋਂ ਮਾੜੇ ਅਨਸਰਾਂ ਵਿਰੁੱਧ ਸਖ਼ਤੀ ਵਰਤਣ ਦੇ ਆਦੇਸ਼; ਕਾਨੂੰਨ ਵਿਵਸਥਾ ’ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ
ਪੰਜਾਬ ਵਿੱਚ ਤਿਉਹਾਰਾਂ ਦੀ ਆਮਦ ਤੋਂ ਪਹਿਲਾਂ ਹੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਐੱਸ ਐੱਸ ਪੀ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਸਾਰੇ ਪ੍ਰੋਗਰਾਮ ਸੁਚਾਰੂ ਢੰਗ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਅਕਸਰ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਭੀੜ-ਭੜੱਕੇ ਕਾਰਨ ਭਗਦੜ ਦੀ ਸੰਭਾਵਨਾ ਦੇ ਨਾਲ-ਨਾਲ ਚੋਰੀ ਅਤੇ ਝਪਟਮਾਰੀ ਦੀਆਂ ਘਟਨਾਵਾਂ ਵਧਦੀਆਂ ਹਨ। ਉਨ੍ਹਾਂ ਸਾਰੇ ਪੁਲੀਸ ਕਮਿਸ਼ਨਰ ਤੇ ਐੱਸ ਐੱਸ ਪੀ ਅਧਿਕਾਰੀਆਂ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਲਿਹਾਜ਼ ਨਾ ਵਰਤਣ ਦੇ ਆਦੇਸ਼ ਦਿੱਤੇ।
ਭਗਵੰਤ ਮਾਨ ਨੇ ਕੁਝ ਇਲਾਕਿਆਂ ਵਿੱਚ ਸਮਾਜਿਕ ਤਣਾਅ ਦੀਆਂ ਹਾਲੀਆ ਰਿਪੋਰਟਾਂ ਉੱਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਲੋਕਾਂ ਨੂੰ ਸਮਾਜਿਕ ਸਦਭਾਵਨਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀਆਂ ਨੂੰ ਸੋਸ਼ਲ ਮੀਡੀਆ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸਮੱਗਰੀ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।