ਸਰਕਾਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਲਈ ਤਿਆਰੀ ਵਿੱਢੀ
ਆਤਿਸ਼ ਗੁਪਤਾ
ਚੰਡੀਗੜ੍ਹ, 3 ਜੁਲਾਈ
ਪੰਜਾਬ ਸਰਕਾਰ ਨੇ 1 ਅਕਤੂਬਰ ਤੋਂ 15 ਨਵੰਬਰ ਤੱਕ ਚੱਲਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਬਣਾਉਣ ਲਈ ਤਿਆਰੀਆਂ ਹੁਣੇ ਤੋਂ ਵਿੱਢ ਦਿੱਤੀਆਂ ਹਨ। ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲਚੰਦ ਕਟਾਰੂਚੱਕ ਨੇ ਅਗਾਮੀ ਝੋਨੇ ਦੇ ਖਰੀਦ ਸੀਜ਼ਨ ਦੇ ਪ੍ਰਬੰਧਾਂ ਨੂੰ ਲੈ ਕੇ ਇੱਥੇ ਸੈਕਟਰ-39 ਵਿੱਚ ਸਥਿਤ ਅਨਾਜ ਭਵਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ 15 ਸਤੰਬਰ ਤੱਕ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ 15 ਸਤੰਬਰ ਤੋਂ 15 ਨਵੰਬਰ ਤੱਕ ਐਕਸ-ਇੰਡੀਆ ਛੁੱਟੀ ’ਤੇ ਵਿਦੇਸ਼ ਨਾ ਜਾਣ ਦੀ ਹਦਾਇਤ ਕੀਤੀ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਝੋਨੇ ਦੇ ਖਰੀਦ ਸੀਜ਼ਨ ਦੌਰਾਨ 190 ਲੱਖ ਮੀਟਰਿਕ ਝੋਨੇ ਦੀ ਆਮਦ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਦੌਰਾਨ ਵਿਭਾਗ ਵੱਲੋਂ ਭੰਡਾਰਨ ਲਈ ਹੋਰ ਥਾਂ ਤਿਆਰ ਕਰਨ ਲਈ ਅਕਤੂਬਰ 2024 ਤੋਂ ਜੂਨ 2025 ਤੱਕ 68 ਲੱਖ ਮੀਟਰਿਕ ਟਨ ਚੌਲ ਰਾਜ ਤੋਂ ਬਾਹਰ ਭੇਜਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਅਗਸਤ 2025 ਤੋਂ ਜੂਨ 2026 ਤੱਕ ਲਗਪਗ 82.5 ਲੱਖ ਮੀਟਰਿਕ ਟਨ ਚੌਲ 7.5 ਲੱਖ ਮੀਟਰਿਕ ਟਨ ਪ੍ਰਤੀ ਮਹੀਨੇ ਦੀ ਦਰ ਨਾਲ ਬਾਹਰ ਭੇਜਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਤਰਪਾਲਾਂ, ਲੱਕੜ ਦੇ ਕਰੇਟ, ਬਰਦਾਨੇ ਅਤੇ ਜਾਲੀਦਾਰ ਜਾਲਾਂ ਦਾ ਪ੍ਰਬੰਧ ਲੋੜੀਂਦੀ ਮਾਤਰਾ ਵਿੱਚ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ।
ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਇਸੇ ਮਹੀਨੇ ਆਉਣ ਦੀ ਸੰਭਾਵਨਾ
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸਾਲ 2025-26 ਲਈ ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਇਸ ਮਹੀਨੇ ਵਿੱਚ ਤਿਆਰ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੇਬਰ ਅਤੇ ਕਾਰਟੇਜ ਪਾਲਿਸੀ 2024 ਦੇ ਨਾਲ-ਨਾਲ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2024 ਨੂੰ 30 ਸਤੰਬਰ 2025 ਤੱਕ ਵਧਾ ਦਿੱਤਾ ਗਿਆ ਹੈ ਤਾਂ ਜੋ ਝੋਨੇ ਦੀ ਖਰੀਦ ਸੀਜ਼ਨ ਨੂੰ ਸਫਲ ਬਣਾਇਆ ਜਾ ਸਕੇ।