ਹੜ੍ਹ ਪੀੜਤਾਂ ਦੇ ਮੁੜ ਵਸੇਬੇ ਅਤੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਸਿਹਤ ਮੰਤਰੀ
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਤੋਂ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੀ ਸਥਿਤੀ ਅਤੇ ਉੱਥੇ ਲੋਕਾਂ ਦੇ ਮੁੜ ਵਸੇਬੇ, ਸਾਫ਼-ਸਫ਼ਾਈ, ਵਾਟਰ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਵਿੱਚ ਹੜ੍ਹ ਤੋਂ ਬਾਅਦ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਦਸ਼ਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਮੂਹ ਵਿਭਾਗਾਂ ਵੱਲੋਂ ਹੜ੍ਹ ਦੌਰਾਨ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨਾਲ ਲੋਕਾਂ ਦੀ ਮਦਦ ਕੀਤੀ ਗਈ ਹੈ। ਉਨ੍ਹਾਂ ਸਿਹਤ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਦੇ ਯਤਨਾਂ ਸਦਕਾ ਵਾਟਰ / ਵੈਕਟਰ ਬੋਰਨ ਬਿਮਾਰੀਆਂ ਸਣੇ ਜਣੇਪੇ ਦੌਰਾਨ ਮੌਤ ਦੀ ਦਰ ਵਿੱਚ ਵੱਡੀ ਕਮੀ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਜਾਂਚ ਲਈ ਮਾਹਿਰ ਡਾਕਟਰਾਂ ਦੀ ਡਿਊਟੀ ਲਗਾਈ ਜਾਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦਾ ਹੜ੍ਹ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਡਾਕਟਰਾਂ ਅਤੇ ਅਧਿਕਾਰੀਆਂ ਵੱਲੋਂ ਕਾਊਂਸਲਿੰਗ ਵੀ ਕੀਤੀ ਜਾਵੇ ਤਾਂ ਜੋ ਉਹ ਕਿਸੇ ਕਿਸਮ ਦੇ ਮਾਨਸਿਕ ਤਣਾਅ ਦੀ ਸਥਿਤੀ ਵਿੱਚ ਨਾ ਚਲੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਅਤੇ ਨੁਕਸਾਨ ਦੇ ਮੁਆਵਜੇ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹੇਠਲੇ ਪੱਧਰ ਤੋਂ ਲੈ ਕੇ ਮੁੱਖ ਮੰਤਰੀ ਤੱਕ ਸਭ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਲਈ ਯਤਨ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਵਿਸ਼ਵ ਪੱਧਰ ’ਤੇ ਲੋਕਾਂ ਅਤੇ ਸਮਾਜ ਸੇਵੀਆਂ ਦੀ ਮਦਦ ਨਾਲ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੇ ਮੁੜ ਵਸੇਬੇ ਲਈ ਫ਼ੰਡ ਜੁਟਾਏ ਜਾ ਸਕਣ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹੇ ਦੀਆਂ ਐੱਨਜੀਓਜ਼ ਨਾਲ ਵੀ ਮੀਟਿੰਗ ਕੀਤੀ ਗਈ। ਉਨ੍ਹਾਂ ਹੜ੍ਹਾਂ ਦੌਰਾਨ ਗੈਰ ਸਰਕਾਰੀ ਸੰਸਥਾਵਾਂ, ਵਾਲੰਟੀਅਰਾਂ, ਸਿਹਤ ਸਬੰਧੀ ਸਨਅਤ ਦੇ ਪ੍ਰਤੀਨਿਧੀਆਂ ਅਤੇ ਹੋਰ ਸੰਸਥਾਵਾਂ ਦੇ ਪ੍ਰਤੀਨਿਧੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਧੀ ਕੁਮੁਦ ਬੰਬਾਹ, ਸਹਾਇਕ ਸਿਵਲ ਸਰਜਨ ਸੁਸ਼ਮਾ ਠੱਕਰ, ਡਾ. ਮੀਨਾਕਸ਼ੀ ਅਬਰੋਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐੱਨਜੀਓਜ਼ ਦੇ ਨੁਮਾਇੰਦੇ ਹਾਜ਼ਰ ਸਨ।