ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਪਰੈਲ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਹਾਲੇ ਤੱਕ ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਚਾਰ ਕਰਦੇ ਸਨ ਕਿ ਗਿਰਦਾਵਰੀ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਉਨ੍ਹਾਂ ਦੀ ਖ਼ਰਾਬ ਹੋਈ ਫਸਲ ਦਾ ਮੁਆਵਜ਼ਾ ਮਿਲੇਗਾ।
ਸੂਬੇ ਦੇ ਕਈ ਇਲਾਕਿਆਂ ’ਚ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਹੋਏ ਕਰੀਬ ਇਕ ਹਫਤਾ ਹੋ ਗਿਆ ਹੈ ਪਰ ਕਿਸਾਨਾਂ ਨੂੰ ਭੁਗਤਾਨ ਨਹੀਂ ਕੀਤਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਤੇ ਬਠਿੰਡਾ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।