ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਨਹੀਂ ਲੈ ਰਹੀ ਸਰਕਾਰ: ਲੋਹਗੜ੍ਹ
ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਦੋਸ਼ ਲਾਇਆ ਹੈ ਕਿ ‘ਆਪ’ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਹਲਕੇ ਦੇ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ’ਚੋਂ ਅਸਮਰੱਥ ਰਹੀ ਹੈ। ਲੋਹਗੜ੍ਹ ਨੇ ਲੰਘੇ ਦਿਨ ਹਲਕੇ ਦੇ ਸਤਲੁਜ ਕਿਨਾਰੇ ਵੱਸਦੇ ਪਿੰਡਾਂ ਸੰਘੇੜਾ, ਮਰਦਾਰਪੁਰ, ਮੇਲਕ, ਭੈਣੀ, ਮੰਦਰ ਕਲਾਂ ਅਤੇ ਸ਼ੇਰੇਵਾਲਾ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਨ੍ਹਾਂ ਪਿੰਡਾਂ ਦੇ ਲੋਕ ਖੁੱਲ੍ਹੇ ਅਸਮਾਨ ਹੇਠ ਧੁੱਸੀ ਬੰਨ੍ਹ ਉੱਤੇ ਆਪਣਾ ਰੈਣ ਬਸੇਰਾ ਬਣਾਈ ਬੈਠੇ ਹਨ। ਸਾਬਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਹੜ੍ਹਾਂ ਦੇ ਟਾਕਰੇ ਲਈ ਕੀਤੇ ਪ੍ਰਬੰਧਾਂ ਦਾ ਪ੍ਰਚਾਰ ਇੱਥੇ ਆਕੇ ਦੇਖਿਆ ਜਾ ਸਕਦਾ ਹੈ। ਪ੍ਰਭਾਵਿਤ ਲੋਕਾਂ ਨੂੰ ਨਾਂ ਤਾਂ ਮਿਆਰੀ ਤਰਪਾਲਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਨਾ ਹੀ ਪਸ਼ੂਆਂ ਦੇ ਚਾਰੇ ਆਦਿ ਦਾ ਕੋਈ ਪ੍ਰਬੰਧ ਹੈ।
ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਤਿੰਨ ਦਿਨ ਪਹਿਲਾਂ ਇਨ੍ਹਾਂ ਪਿੰਡਾਂ ਦਾ ਦੌਰਾ ਜ਼ਰੂਰ ਕਰਕੇ ਗਏ ਸਨ ਲੇਕਿਨ ਪ੍ਰਭਾਵ ਲੋਕਾਂ ਨੂੰ ਝੂਠੇ ਲਾਰਿਆਂ ਅਤੇ ਵਾਅਦਿਆ ਤੋਂ ਬਗੈਰ ਕੁਝ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਪੱਧਰ ਉੱਤੇ ਹੜ੍ਹ ਪ੍ਰਭਾਵਿਤ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਮਦਦ ਕਰੇਗੀ।