ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਉੱਚ ਅਧਿਕਾਰੀਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਾਰੇ ਛਾਪਿਆਂ ਮਗਰੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਵਾਦਾਂ ਵਿੱਚ ਘਿਰੀ ਸੂਬੇ ਦੀ ਆਬਕਾਰੀ ਨੀਤੀ ’ਤੇ ਸਫ਼ਾਈ ਦੇਣ ਲਈ ਕਿਹਾ ਹੈ। ਸ੍ਰੀ ਬਾਜਵਾ ਦਾ ਕਹਿਣਾ ਹੈ ਕਿ 6 ਸਤੰਬਰ ਨੂੰ ਈਡੀ ਵੱਲੋਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਤੇ ਸੰਯੁਕਤ ਕਮਿਸ਼ਨਰ ਨਰੇਸ਼ ਕੁਮਾਰ ਦੂਬੇ ਦੇ ਘਰਾਂ ’ਤੇ ਛਾਪੇ ਮਾਰਨ ਦੀ ਘਟਨਾ ਤੋਂ ਬਾਅਦ ਹੀ ਮਾਨ ਸਰਕਾਰ ਨੇ ਚੁੱਪ ਧਾਰ ਲਈ ਹੈ। ਪੰਜਾਬ ਸਰਕਾਰ ਦੇ ਇਸ ਰਵੱਈਏ ਕਾਰਨ ਉੱਚ, ਮੱਧ ਤੇ ਹੇਠਲੇ ਪੱਧਰ ਦੇ ਅਧਿਕਾਰੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਵੇਗਾ ਕਿਉਂਕਿ ਇਨ੍ਹਾਂ ਅਧਿਕਾਰੀਆਂ ਨੂੰ ਕੇਂਦਰੀ ਜਾਂਚ ਏਜੰਸੀਆਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਗਿਆ ਹੈ।